ਅੰਮ੍ਰਿਤਸਰ ਦੇ ਰਈਆ ‘ਚ ਵੱਡੀ ਸਾਜ਼ਿਸ਼ ਨਾਕਾਮ, ਪੁਲਿਸ ਚੌਕੀ ਨੇੜੇ ਆਈ.ਈ.ਡੀ. ਬਰਾਮਦ

ਨਿਊਜ਼ ਪੰਜਾਬ

21 ਫ਼ਰਵਰੀ 2026

ਅੰਮ੍ਰਿਤਸਰ ਦੇ ਰਈਆ ਪੁਲਿਸ ਚੌਕੀ ਨੇੜੇ ਆਈ.ਈ.ਡੀ. (ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਬਰਾਮਦ ਹੋਇਆ ਹੈ। ਸੁਰੱਖਿਆ ਬਲਾਂ ਨੇ ਸਮੇਂ ਸਿਰ ਕਾਰਵਾਈ ਕਰਦਿਆਂ ਪੁਲਿਸ ਚੌਕੀ ਨੂੰ ਬੰਬ ਨਾਲ ਉਡਾਉਣ ਦੀ ਇਸ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਆਈ.ਈ.ਡੀ. ਮਿਲਣ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਇਸ ਸਾਜ਼ਿਸ਼ ਪਿਛੇ ਸ਼ਾਮਿਲ ਅਣ-ਪਛਾਤੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਡੇ ਪੱਧਰ ‘ਤੇ ਜਾਂਚ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਵਲੋਂ ਇਲਾਕੇ ਦੇ ਸੀ.ਸੀ.ਟੀ.ਵੀ. ਫੁਟੇਜ ਖੰਗਾਲੇ ਜਾ ਰਹੇ ਹਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਵਿਸਫੋਟਕ ਸਮੱਗਰੀ ਉੱਥੇ ਕਿਸ ਨੇ ਅਤੇ ਕਦੋਂ ਰੱਖੀ ਸੀ? ਹਾਲਾਂਕਿ ਅਜੇ ਤੱਕ ਕਿਸੇ ਵਲੋਂ ਵੀ ਇਸ ਸੰਬੰਧੀ ਜ਼ਿੰਮੇਵਾਰੀ ਨਹੀਂ ਲਈ ਗਈ ਹੈ। ਇਸ ਮਾਮਲੇ ਵਿਚ ਜਲਦ ਹੀ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਜਾਵੇਗੀ।