ਭਗਵੰਤ ਮਾਨ ਵੱਲੋਂ 3400 ਨਵੀਆਂ ਭਰਤੀਆਂ ਦਾ ਐਲਾਨ, ਪੰਜਾਬ ਪੁਲਿਸ ਹੋਵੇਗੀ ਹੋਰ ਮਜ਼ਬੂਤ

ਨਿਊਜ਼ ਪੰਜਾਬ

25 ਫ਼ਰਵਰੀ 2026

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਵਿੱਚ ਪੰਜਾਬ ਪੁਲਿਸ ਅਕੈਡਮੀ (PAP) ਦੀ ਪਾਸਿੰਗ ਆਊਟ ਪਰੇਡ ਵਿੱਚ ਸ਼ਾਮਲ ਹੋਏ, ਜਿੱਥੇ ਉਨ੍ਹਾਂ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਇਸ ਸਾਲ ਪੰਜਾਬ ਪੁਲਿਸ ਵਿੱਚ 3400 ਨਵੇਂ ਜਵਾਨ ਭਰਤੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਹੁਣ ਤੱਕ 12,010 ਪੁਲਿਸ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

ਸੀਐੱਮ ਮਾਨ ਨੇ ਇਹ ਵੀ ਜਾਣਕਾਰੀ ਦਿੱਤੀ ਕਿ 2025 ਵਿੱਚ ਭਰਤੀ ਕੀਤੇ ਗਏ 1900 ਤੋਂ ਵੱਧ ਜਵਾਨਾਂ ਦੀ ਟ੍ਰੇਨਿੰਗ ਮਾਰਚ 2026 ਤੋਂ ਸ਼ੁਰੂ ਹੋਵੇਗੀ, ਜਦਕਿ 1746 ਸਿਪਾਹੀਆਂ ਦੀ ਭਰਤੀ ਪ੍ਰਕਿਰਿਆ ਪਹਿਲਾਂ ਹੀ ਮੁਕੰਮਲ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਆਧੁਨਿਕ ਅਤੇ ਲੇਟਸਟ ਟੈਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ ਅਤੇ ਇਸ ਲਈ 1100 ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਗਿਆ ਹੈ। ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਕੋਲ ਆਪਣੀ ਸੜਕ ਸੁਰੱਖਿਆ ਫੋਰਸ ਮੌਜੂਦ ਹੈ।

ਗੁਰਦਾਸਪੁਰ ਵਿੱਚ ਪੁਲਿਸ ਮੁਲਾਜ਼ਮਾਂ ਦੀ ਮੌਤ ਮਾਮਲੇ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਪਿੱਛੇ ਪਾਕਿਸਤਾਨ ਦਾ ਹੱਥ ਹੈ ਅਤੇ ਕਾਤਲ ਪਾਕਿਸਤਾਨ ਵੱਲੋਂ ਸਪਾਂਸਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਪੁਲਿਸ ਵਿੱਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਦੇ ਤਹਿਤ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਸ਼ਾਮਲ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਯਾਦ ਰਹੇ ਕਿ 30-31 ਜਨਵਰੀ ਨੂੰ ਜਲੰਧਰ ਦੌਰੇ ਦੌਰਾਨ ਵੀ ਮੁੱਖ ਮੰਤਰੀ ਨੇ 1,746 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ। ਉਸ ਵੇਲੇ ਉਨ੍ਹਾਂ ਨੇ ਕਿਹਾ ਸੀ ਕਿ ਸਰਕਾਰ ਨੇ ਭਰਤੀ ਪ੍ਰਕਿਰਿਆ ਵਿੱਚੋਂ ਰਿਸ਼ਵਤਖੋਰੀ ਅਤੇ ਸਿਫਾਰਸ਼ ਦਾ ਸੱਭਿਆਚਾਰ ਖਤਮ ਕਰ ਦਿੱਤਾ ਹੈ ਅਤੇ ਹੁਣ ਨੌਜਵਾਨ ਸਿਰਫ਼ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਹਾਸਲ ਕਰ ਰਹੇ ਹਨ।