ਹੋਲਾ ਮਹੱਲਾ ਦੀ ਸ਼ੁਰੂਆਤ ਅੱਜ ਰਾਤ: ਕਿਲਾ ਆਨੰਦਗੜ੍ਹ ਸਾਹਿਬ ਤੋਂ ਨਗਾਰੇ ਵੱਜਣਗੇ, 4500 ਪੁਲਿਸ ਕਰਮਚਾਰੀ ਤੈਨਾਤ

ਨਿਊਜ਼ ਪੰਜਾਬ

26 ਫ਼ਰਵਰੀ 2026

ਅੱਜ ਦੇਰ ਰਾਤ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਪੰਜ ਪੁਰਾਤਨ ਨਗਾਰਿਆਂ ’ਤੇ ਚੋਟਾਂ ਲਗਾ ਕੇ ਹੋਲਾ ਮਹੱਲਾ ਦੀ ਆਰੰਭਤਾ ਕੀਤੀ ਜਾਵੇਗੀ। ਮਿਲੀ ਜਾਣਕਾਰੀ ਅਨੁਸਾਰ ਛੇ ਰੋਜ਼ਾ ਕੌਮੀ ਤਿਉਹਾਰ ਦਾ ਪਹਿਲਾ ਪੜਾਅ 27 ਫਰਵਰੀ ਤੋਂ 1 ਮਾਰਚ ਤੱਕ ਕੀਰਤਪੁਰ ਸਾਹਿਬ ਦੀ ਧਰਤੀ ’ਤੇ ਮਨਾਇਆ ਜਾਵੇਗਾ।

ਦੂਜਾ ਅਤੇ ਸਭ ਤੋਂ ਅਹਿਮ ਪੜਾਅ 2 ਮਾਰਚ ਤੋਂ 4 ਮਾਰਚ ਤੱਕ ਖਾਲਸਾ ਪੰਥ ਦੇ ਪ੍ਰਗਟ ਸਥਾਨ Anandpur Sahib ਵਿਖੇ ਚੜ੍ਹਦੀ ਕਲਾ ਅਤੇ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। 4 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਹੇਠ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਸਜਾਇਆ ਜਾਵੇਗਾ।

ਬੁੱਢਾ ਦਲ ਛਾਉਣੀ ਵਿਖੇ ਹਰ ਸਾਲ ਦੀ ਤਰ੍ਹਾਂ ਦੋ ਰੋਜ਼ਾ ਅੰਤਰਰਾਸ਼ਟਰੀ ਗਤਕਾ ਮੁਕਾਬਲੇ ਕਰਵਾਏ ਜਾਣਗੇ। ਮੇਲੇ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ 4500 ਪੁਲਿਸ ਮੁਲਾਜ਼ਮ ਤੈਨਾਤ ਰਹਿਣਗੇ ਅਤੇ ਸ਼ਹਿਰ ਵਿੱਚ ਸੀਸੀਟੀਵੀ ਕੈਮਰੇ ਲਗਾਏ ਗਏ ਹਨ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੰਗ ਅਤੇ ਭੰਗ ਵੇਚਣ, ਭੀਖ ਮੰਗਣ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਹੋਲਾ ਮਹੱਲਾ ਦੌਰਾਨ ਸ਼ਰਾਬ ਦੇ ਠੇਕੇ ਵੀ ਪੂਰੀ ਤਰ੍ਹਾਂ ਬੰਦ ਰਹਿਣਗੇ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਹੋਲਾ ਮਹੱਲਾ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ।