ਨਿਊਜ਼ ਪੰਜਾਬ
1 ਮਾਰਚ 2026
ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਚਿੰਤਾਜਨਕ ਬਣਦੀ ਜਾ ਰਹੀ ਹੈ। ਸੰਤੋਖਪੁਰਾ ਇਲਾਕੇ ਵਿੱਚ ਡਾਕਟਰ ਦੇ ਘਰ ‘ਤੇ ਹੋਈ ਫਾਇਰਿੰਗ ਤੋਂ ਬਾਅਦ ਬੀਤੀ ਰਾਤ ਬੱਸ ਸਟੈਂਡ ਨੇੜੇ ਮੋਤਾ ਸਿੰਘ ਨਗਰ ਵਿੱਚ ਸਥਿਤ ਵਰਦਾਨ ਮੈਡੀਕਲ ਸੈਂਟਰ ਨੂੰ ਨਿਸ਼ਾਨਾ ਬਣਾਇਆ ਗਿਆ। ਦੋ ਮੋਟਰਸਾਈਕਲ ਸਵਾਰ ਹਮਲਾਵਰ, ਜਿਨ੍ਹਾਂ ਨੇ ਹੇਲਮੇਟ ਪਾ ਕੇ ਆਪਣੀ ਪਛਾਣ ਲੁਕਾਈ ਹੋਈ ਸੀ, ਮੈਡੀਕਲ ਸੈਂਟਰ ਦੇ ਬਾਹਰ ਆ ਕੇ ਕਰੀਬ ਚਾਰ ਰਾਊਂਡ ਫਾਇਰ ਕਰਕੇ ਮੌਕੇ ਤੋਂ ਫਰਾਰ ਹੋ ਗਏ।
ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਗੋਲੀਆਂ ਦੀਆਂ ਆਵਾਜ਼ਾਂ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕਾਂ ਵਿੱਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ। ਲਗਾਤਾਰ ਹੋ ਰਹੀਆਂ ਐਸੀਆਂ ਵਾਰਦਾਤਾਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।
ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਅਧਿਕਾਰੀਆਂ ਨੇ ਗੋਲੀਆਂ ਦੇ ਖੋਲ ਬਰਾਮਦ ਕਰਕੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
