ਜਲੰਧਰ’ ਚ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਬਾਈਕ ਸਵਾਰ ਨੌਜਵਾਨ ਦੀ ਮੌਤ, ਡਰਾਈਵਰ ਫਰਾਰ

ਨਿਊਜ਼ ਪੰਜਾਬ

12 ਮਾਰਚ 2026

ਜਲੰਧਰ ਵਿੱਚ ਤੇਜ਼ ਰਫ਼ਤਾਰ ਦਾ ਕਹਿਰ ਵੇਖਣ ਨੂੰ ਮਿਲਿਆ, ਜਿੱਥੇ ਲਾਂਬਾ ਪਿੰਡ ਚੌਕ ਫਲਾਈਓਵਰ ਦੇ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਬਾਈਕ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਲਗਭਗ 130 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਆ ਰਹੀ ਇੱਕ ਕਾਰ ਨੇ ਬਾਈਕ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਮ੍ਰਿਤਕ ਦੀ ਪਛਾਣ ਅਰੁਣ ਵਜੋਂ ਹੋਈ ਹੈ, ਜੋ ਗੁਰੂ ਨਾਨਕਪੁਰਾ ਦਾ ਰਹਿਣ ਵਾਲਾ ਸੀ।

ਚਸ਼ਮਦੀਦਾਂ ਦੇ ਅਨੁਸਾਰ, ਇੱਕ ਤੇਜ਼ ਰਫ਼ਤਾਰ ਵੈਨਿਊ ਕਾਰ ਨੇ ਹਾਈਵੇਅ ਤੋਂ ਆ ਕੇ ਬਾਈਕ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬਾਈਕ ਸਵਾਰ ਨੌਜਵਾਨ ਕਰੀਬ 10 ਫੁੱਟ ਹਵਾ ਵਿੱਚ ਉਛਲ ਕੇ ਸੜਕ ’ਤੇ ਡਿੱਗ ਪਿਆ ਅਤੇ ਮੌਕੇ ’ਤੇ ਹੀ ਉਸਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਸਥਾਨਕ ਦੁਕਾਨਦਾਰ ਮਨਜੀਤ ਕੁਮਾਰ ਨੇ ਦੱਸਿਆ ਕਿ ਕਾਰ ਨੇ ਉਸਦੇ ਸਾਹਮਣੇ ਹੀ ਬਾਈਕ ਸਵਾਰ ਨੂੰ ਟੱਕਰ ਮਾਰੀ ਅਤੇ ਡਰਾਈਵਰ ਬਿਨਾਂ ਰੁਕੇ ਉੱਥੋਂ ਭੱਜ ਗਿਆ।

ਘਟਨਾ ਤੋਂ ਲਗਭਗ ਇੱਕ ਘੰਟੇ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਜਲਦ ਹੀ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।