ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਬਦਲੇਗਾ ਮਿਜ਼ਾਜ, ਕੱਲ੍ਹ ਤੋਂ 4 ਦਿਨ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ

ਨਿਊਜ਼ ਪੰਜਾਬ

ਮੌਸਮ ਵਿਭਾਗ,13 ਮਾਰਚ 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਸੂਬੇ ਲਈ ਯੈਲੋ ਅਲਰਟ ਜਾਰੀ ਕਰਦਿਆਂ ਕਿਹਾ ਹੈ ਕਿ ਸ਼ਨੀਵਾਰ ਤੋਂ ਲਗਾਤਾਰ ਚਾਰ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਗਰਜ ਨਾਲ ਬਾਰਿਸ਼ ਹੋ ਸਕਦੀ ਹੈ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

ਹਾਲਾਂਕਿ ਅੱਜ ਮੌਸਮ ਖੁਸ਼ਕ ਰਹੇਗਾ ਪਰ ਕੁਝ ਇਲਾਕਿਆਂ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਪਠਾਨਕੋਟ ਅਤੇ ਅੰਮ੍ਰਿਤਸਰ ਵਿੱਚ ਸਵੇਰੇ ਮੀਂਹ ਦਰਜ ਕੀਤਾ ਗਿਆ ਹੈ, ਜੋ ਕਿ ਪਹਾੜੀ ਖੇਤਰ ਨਾਲ ਲੱਗਦੇ ਹਨ। ਹਾਲਾਂਕਿ, ਆਮ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਆਇਆ ਹੈ। ਇਹ ਆਮ ਨਾਲੋਂ 3.8 ਡਿਗਰੀ ਵੱਧ ਸੀ। ਸ੍ਰੀ ਆਨੰਦਪੁਰ ਸਾਹਿਬ ਵਿੱਚ ਸਭ ਤੋਂ ਵੱਧ ਤਾਪਮਾਨ 33.5 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਅਗਲੇ 48 ਘੰਟਿਆਂ ਵਿੱਚ ਦਿਨ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਤੱਕ ਗਿਰਾਵਟ ਆ ਸਕਦੀ ਹੈ, ਜਦਕਿ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ ਹੈ। ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਅਨੁਸਾਰ 14 ਤੋਂ 17 ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਮੌਸਮ ਕੁਝ ਠੰਡਾ ਰਹਿਣ ਦੀ ਉਮੀਦ ਹੈ।