ਪੰਜਾਬ ਵਿੱਚ ਮੌਸਮ ਦਾ ਅਲਰਟ: ਅੱਜ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਤੇਜ਼ ਹਵਾਵਾਂ ਦੀ ਸੰਭਾਵਨਾ

ਨਿਊਜ਼ ਪੰਜਾਬ

ਮੌਸਮ ਵਿਭਾਗ,14 ਮਾਰਚ 2026

ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕੁਝ ਇਲਾਕਿਆਂ ਵਿੱਚ ਗਰਜ-ਚਮਕ, ਬਿਜਲੀ ਡਿੱਗਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਮਾਰਚ ਮਹੀਨੇ ਵਿੱਚ ਆਮ ਤੌਰ ‘ਤੇ 11.9 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਪਰ ਇਸ ਵਾਰ ਹੁਣ ਤੱਕ ਸਿਰਫ਼ 0.4 ਮਿਲੀਮੀਟਰ ਬਾਰਿਸ਼ ਦਰਜ ਹੋਈ ਹੈ, ਜੋ ਆਮ ਨਾਲੋਂ ਲਗਭਗ 97 ਪ੍ਰਤੀਸ਼ਤ ਘੱਟ ਹੈ। ਕਈ ਜ਼ਿਲ੍ਹਿਆਂ ਵਿੱਚ ਤਾਂ ਬਿਲਕੁਲ ਵੀ ਮੀਂਹ ਨਹੀਂ ਪਿਆ, ਜਿਸ ਨਾਲ ਸੁੱਕੇ ਵਰਗੇ ਹਾਲਾਤ ਬਣੇ ਹੋਏ ਹਨ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਅਗਲੇ ਸੱਤ ਦਿਨਾਂ ਦੌਰਾਨ ਤਾਪਮਾਨ ਵਿੱਚ 3 ਤੋਂ 5 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ। 15 ਅਤੇ 16 ਮਾਰਚ ਨੂੰ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ, ਜਦਕਿ 17 ਮਾਰਚ ਨੂੰ ਉੱਤਰੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਵੀ ਇਸ ਤਰ੍ਹਾਂ ਦਾ ਮੌਸਮ ਰਹਿ ਸਕਦਾ ਹੈ।