ਨਿਊਜ਼ ਪੰਜਾਬ
17 ਮਾਰਚ 2026
ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਦੀ ਅਦਾਲਤ ਨੇ ਲੰਬੇ ਸਮੇਂ ਤੋਂ ਚੱਲ ਰਹੇ ਕਰੋੜਾਂ ਰੁਪਏ ਦੇ ਚੈਕ ਬਾਊਂਸ ਮਾਮਲੇ ਵਿੱਚ ਅਹਿਮ ਫੈਸਲਾ ਸੁਣਾਉਂਦਿਆਂ ਖਰੜ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸਮੇਤ ਤਿੰਨ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਤਿੰਨਾਂ ਨੂੰ 2-2 ਸਾਲ ਦੀ ਸਖ਼ਤ ਕੈਦ ਅਤੇ 10-10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ। ਇਹ ਫੈਸਲਾ ਕਰੀਬ ਸੱਤ ਸਾਲ ਚੱਲੀ ਸੁਣਵਾਈ ਤੋਂ ਬਾਅਦ ਜੂਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਪਰਨੀਤ ਕੌਰ ਵੱਲੋਂ ਸੁਣਾਇਆ ਗਿਆ। ਮਾਮਲੇ ਵਿੱਚ ਸ਼ਹਬਾਜ਼ ਸਿੰਘ ਸੋਹੀ, ਜਤਿੰਦਰ ਸਿੰਘ ਨੋਨੀ ਅਤੇ ਨਛੱਤਰ ਸਿੰਘ ਨੂੰ ਦੋਸ਼ੀ ਠਹਿਰਾਇਆ ਗਿਆ, ਜਦਕਿ ਸਜ਼ਾ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ ਰਕਮ ਭਰਨ ਉਪਰੰਤ ਅਸਥਾਈ ਰਾਹਤ ਮਿਲ ਗਈ ਅਤੇ ਉੱਚ ਅਦਾਲਤ ਵਿੱਚ ਅਪੀਲ ਕਰਨ ਦਾ ਹੱਕ ਵੀ ਦਿੱਤਾ ਗਿਆ ਹੈ।
