ਨਿਊਜ਼ ਪੰਜਾਬ
18 ਮਾਰਚ 2026
ਅਮਰੀਕਾ ਤੋਂ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸਮਾਣਾ ਦੇ ਪਿੰਡ ਫਤਿਹਪੁਰ ਨਾਲ ਸੰਬੰਧਤ ਨੌਜਵਾਨ ਗੁਰਦਾਸ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਇਸ ਘਟਨਾ ਨਾਲ ਪਿੰਡ ਅਤੇ ਪਰਿਵਾਰ ਵਿੱਚ ਗਹਿਰਾ ਸੋਗ ਛਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਗੁਰਦਾਸ ਸਿੰਘ ਪਿਛਲੇ ਤਿੰਨ ਸਾਲਾਂ ਤੋਂ ਅਮਰੀਕਾ ਵਿੱਚ ਆਪਣੇ ਰਿਸ਼ਤੇਦਾਰਾਂ ਕੋਲ ਰਹਿ ਕੇ ਕੰਮ ਕਰ ਰਿਹਾ ਸੀ। ਉਹ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਲਈ ਬਾਰਹਵੀਂ ਤੱਕ ਪੜ੍ਹਾਈ ਕਰਨ ਤੋਂ ਬਾਅਦ ਵਿਦੇਸ਼ ਗਿਆ ਸੀ। ਹਾਲ ਹੀ ਵਿੱਚ ਉਸ ਨੇ ਆਪਣੀ ਕੈਨੇਡਾ ਵਿੱਚ ਪੜ੍ਹ ਰਹੀ ਭੈਣ ਦੀ ਫੀਸ ਲਈ 3-4 ਲੱਖ ਰੁਪਏ ਵੀ ਭੇਜੇ ਸਨ।
ਦੱਸਿਆ ਜਾ ਰਿਹਾ ਹੈ ਕਿ ਘਟਨਾ ਵੇਲੇ ਗੁਰਦਾਸ ਸਿੰਘ ਪਾਰਕਿੰਗ ਵਿੱਚ ਆਪਣੀ ਗੱਡੀ ਵਿੱਚ ਬੈਠਾ ਹੋਇਆ ਸੀ, ਜਿੱਥੇ ਅਚਾਨਕ ਗੋਲੀ ਚੱਲੀ ਅਤੇ ਉਹ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ। ਘਟਨਾ ਦੀ ਸੂਚਨਾ ਪਰਿਵਾਰ ਨੂੰ ਉਸਦੇ ਤਾਇਆ ਦੇ ਪੁੱਤਰ ਵੱਲੋਂ ਦਿੱਤੀ ਗਈ।
ਮ੍ਰਿਤਕ ਦੇ ਪਿਤਾ ਦਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਕਰਜ਼ਾ ਲੈ ਕੇ ਆਪਣੇ ਪੁੱਤਰ ਨੂੰ ਵਿਦੇਸ਼ ਭੇਜਿਆ ਸੀ ਤਾਂ ਜੋ ਪਰਿਵਾਰ ਦੀ ਆਰਥਿਕ ਹਾਲਤ ਸੁਧਰ ਸਕੇ। ਹੁਣ ਇਸ ਅਚਾਨਕ ਹਾਦਸੇ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਪਰਿਵਾਰ ਨੇ ਭਾਰਤ ਸਰਕਾਰ ਕੋਲ ਅਪੀਲ ਕੀਤੀ ਹੈ ਕਿ ਗੁਰਦਾਸ ਸਿੰਘ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ, ਤਾਂ ਜੋ ਉਹ ਆਪਣੇ ਪੁੱਤਰ ਦੇ ਅੰਤਿਮ ਦਰਸ਼ਨ ਕਰ ਸਕਣ ਅਤੇ ਉਸਦਾ ਸੰਸਕਾਰ ਕਰ ਸਕਣ।
