ਨਿਊਜ਼ ਪੰਜਾਬ
20 ਮਾਰਚ 2026
ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਵਿਭਾਗ ਦਾ ਰਿਪੋਰਟ ਕਾਰਡ ਜਾਰੀ ਕਰਦਿਆਂ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 883 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਅਤੇ 94 ਫ਼ੀਸਦੀ ਲੋਕਾਂ ਨੇ ਇਨ੍ਹਾਂ ਸੇਵਾਵਾਂ ’ਤੇ ਸੰਤੁਸ਼ਟੀ ਜਤਾਈ ਹੈ। ਉਨ੍ਹਾਂ ਐਲਾਨ ਕੀਤਾ ਕਿ 28 ਮਾਰਚ ਨੂੰ 100 ਹੋਰ ਕਲੀਨਿਕ ਖੋਲ੍ਹੇ ਜਾਣਗੇ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਤਰਜੀਹ ਦਿੰਦਿਆਂ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਲਈ 2000 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਅਤੇ ਹੁਣ ਤੱਕ 25 ਲੱਖ ਪਰਿਵਾਰ ਰਜਿਸਟਰ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਵਿੱਚ ਸਭ ਤੋਂ ਵੱਡੀ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ ਅਤੇ ਸਿਹਤ ਖੇਤਰ ਵਿੱਚ ਪਹਿਲੀ ਵਾਰ ਏਆਈ ਤਕਨਾਲੋਜੀ ਦੀ ਵਰਤੋਂ ਹੋ ਰਹੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਪਟਿਆਲਾ ਅਤੇ ਮੋਹਾਲੀ ਵਿੱਚ ਪੈਟ ਸਕੈਨ ਸਹੂਲਤਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਕਪੂਰਥਲਾ ਤੇ ਹੁਸ਼ਿਆਰਪੁਰ ਵਿੱਚ ਨਵੇਂ ਮੈਡੀਕਲ ਕਾਲਜਾਂ ਲਈ ਟੈਂਡਰ ਜਾਰੀ ਕੀਤੇ ਗਏ ਹਨ।
