ਨਿਊਜ਼ ਪੰਜਾਬ
25 ਮਾਰਚ 2026
ਇਸ ਵੇਲੇ ਦੀ ਵੱਡੀ ਖਬਰ ਮੁਤਾਬਕ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਵੱਲੋਂ 7 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰ ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ 5 ਦਿਨਾਂ ਦਾ ਰਿਮਾਂਡ ਮਨਜ਼ੂਰ ਕੀਤਾ। ਪੇਸ਼ੀ ਦੌਰਾਨ ਉਨ੍ਹਾਂ ਦੇ ਸਮਰਥਕਾਂ ਵੱਲੋਂ ਹੰਗਾਮਾ ਵੀ ਕੀਤਾ ਗਿਆ ਅਤੇ ਕੋਰਟ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ, ਜਿਸਨੂੰ ਪੁਲਿਸ ਨੇ ਰੋਕ ਲਿਆ।
ਇਸਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਕੈਬਿਨੇਟ ਵਿੱਚ ਫੇਰਬਦਲ ਕਰਦਿਆਂ ਲਾਲਜੀਤ ਸਿੰਘ ਭੁੱਲਰ ਦੇ ਅਸਤੀਫੇ ਤੋਂ ਬਾਅਦ ਉਨ੍ਹਾਂ ਦਾ ਟਰਾਂਸਪੋਰਟ ਵਿਭਾਗ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਸੌਂਪਿਆ ਗਿਆ ਹੈ, ਜਦਕਿ ਜੇਲ੍ਹ ਵਿਭਾਗ ਦੀ ਜ਼ਿੰਮੇਵਾਰੀ ਡਾ. ਰਵਜੋਤ ਨੂੰ ਦਿੱਤੀ ਗਈ ਹੈ। ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਦੇਣ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੰਤਰੀ ਦਾ ਅਸਤੀਫਾ ਲੈ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਚੀਫ ਸੈਕ੍ਰੇਟਰੀ ਨੂੰ ਜਾਂਚ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਲਈ ਮੰਤਰੀ ਜਾਂ ਕੋਈ ਹੋਰ ਅਧਿਕਾਰੀ ਇਕੋ ਜਿਹੇ ਹਨ ਅਤੇ ਨਿਯਮਾਂ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।
