ਨਿਊਜ਼ ਪੰਜਾਬ
26 ਮਾਰਚ 2026
ਇਤਿਹਾਸਿਕ ਗੁਰਦੁਆਰਾ ਗੁਰੂ ਕਾ ਬਾਗ ਨੇੜੇ ਅੱਜ ਸਵੇਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 27 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਵਾਸੀ ਪਿੰਡ ਤੇੜਾ ਕਲਾਂ ਆਪਣੇ ਮੋਟਰਸਾਈਕਲ ’ਤੇ ਅੰਮ੍ਰਿਤਸਰ ਕੰਮ ਲਈ ਜਾ ਰਿਹਾ ਸੀ ਕਿ ਪਿੰਡ ਸੈਂਸਰਾ ਕਲਾਂ ਨੇੜੇ ਬਣ ਰਹੇ ਸਟੇਡੀਅਮ ਕੋਲ ਉਸ ਦੀ ਸਾਹਮਣੇ ਤੋਂ ਆ ਰਹੀ ਕਾਰ ਨਾਲ ਭਿਆਨਕ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਉਸ ਦੀ ਥਾਂ ’ਤੇ ਹੀ ਜਾਨ ਚਲੀ ਗਈ।
ਸੂਚਨਾ ਮਿਲਣ ’ਤੇ ਥਾਣਾ ਝੰਡੇਰ ਦੇ ਐਸ.ਐਚ.ਓ. ਸਤਨਾਮ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਦੋਵੇਂ ਵਾਹਨਾਂ ਨੂੰ ਕਬਜ਼ੇ ’ਚ ਲੈ ਲਿਆ। ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਅਜਨਾਲਾ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
