ਨਿਊਜ਼ ਪੰਜਾਬ
4 ਅਪ੍ਰੈਲ 2026
ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੀ ਹਲਚਲ ਉਸ ਵੇਲੇ ਦੇਖਣ ਨੂੰ ਮਿਲੀ ਜਦੋਂ ਬਰਜਿੰਦਰ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਆਪਣੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ।

ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਭਾਵੁਕ ਪੋਸਟ ਸਾਂਝੀ ਕਰਦਿਆਂ ਦੋਸ਼ ਲਗਾਇਆ ਕਿ ਪਾਰਟੀ ਅੰਦਰ ਕੁਝ ਆਗੂ ਪੰਥ ਅਤੇ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ। ਬਰਾੜ ਨੇ ਖਾਸ ਤੌਰ ‘ਤੇ ਗਿਆਨੀ ਹਰਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਇਆਲੀ ਦਾ ਨਾਮ ਲੈਂਦਿਆਂ ਕਿਹਾ ਕਿ ਇਹ ਲੋਕ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਕੰਮ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਨਾਮ ‘ਤੇ ਕੌਮ ਨੂੰ ਭਾਵੁਕ ਕਰਕੇ ਇੱਕ ਵੱਡੀ ਸਾਜਿਸ਼ ਰਚੀ ਗਈ ਅਤੇ ਇਸ ਦੇ ਜ਼ਰੀਏ ਪੰਥਕ ਜਥੇਬੰਦੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਬਰਾੜ ਨੇ ਇਹ ਵੀ ਕਿਹਾ ਕਿ ਪਾਰਟੀ ਵਿੱਚ ਰਹਿੰਦੇ ਉਹ ਕਾਫੀ ਸਮੇਂ ਤੋਂ ਇਹ ਸਭ ਕੁਝ ਦੇਖ ਰਹੇ ਸਨ ਪਰ ਹੁਣ ਉਹ ਆਪਣੀ ਜ਼ਮੀਰ ਦੇ ਅਨੁਸਾਰ ਸੱਚ ਸਾਹਮਣੇ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਨੇ ਆਉਣ ਵਾਲੇ ਸਮੇਂ ਵਿੱਚ ਪੰਥ ਦੀ ਕਚਿਹਰੀ ਵਿੱਚ ਹੋਰ ਖੁਲਾਸੇ ਕਰਨ ਦੀ ਗੱਲ ਵੀ ਕਹੀ ਹੈ।
