ਵਿਸਾਖੀ ’ਤੇ ਵਿਸ਼ੇਸ਼ ਸੈਸ਼ਨ: ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਨਿਊਜ਼ ਪੰਜਾਬ

13 ਅਪ੍ਰੈਲ 2026

ਵਿਸਾਖੀ ਦੇ ਮੌਕੇ ’ਤੇ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਸਰਕਾਰ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026’ ਪੇਸ਼ ਕੀਤਾ ਗਿਆ ਹੈ, ਜਿਸਦਾ ਮਕਸਦ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨਾ ਹੈ। ਇਸ ਬਿੱਲ ਵਿੱਚ ਦੋਸ਼ੀਆਂ ਲਈ ਵੱਧ ਤੋਂ ਵੱਧ ਉਮਰ ਕੈਦ ਅਤੇ 25 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਬਿੱਲ ਪਾਸ ਹੋਣ ਤੋਂ ਬਾਅਦ ਇਸਨੂੰ ਰਾਜਪਾਲ ਕੋਲ ਭੇਜਿਆ ਜਾਵੇਗਾ, ਜਿੱਥੇ ਕਾਨੂੰਨੀ ਜਾਂਚ ਤੋਂ ਬਾਅਦ ਮਨਜ਼ੂਰੀ ਮਿਲਣ ’ਤੇ ਇਹ ਕਾਨੂੰਨ ਬਣ ਸਕਦਾ ਹੈ। ਸਰਕਾਰ ਦਾ ਮੰਨਣਾ ਹੈ ਕਿ ਇਹ ਰਾਜ ਬਿੱਲ ਹੈ, ਇਸ ਲਈ ਰਾਸ਼ਟਰਪਤੀ ਦੀ ਪ੍ਰਵਾਨਗੀ ਦੀ ਲੋੜ ਨਹੀਂ ਹੋਵੇਗੀ, ਹਾਲਾਂਕਿ ਕੇਂਦਰੀ ਕਾਨੂੰਨਾਂ ਨਾਲ ਟਕਰਾਅ ਹੋਣ ਦੀ ਸਥਿਤੀ ਵਿੱਚ ਇਹ ਮਾਮਲਾ ਰਾਸ਼ਟਰਪਤੀ ਕੋਲ ਵੀ ਭੇਜਿਆ ਜਾ ਸਕਦਾ ਹੈ। ਜੇਕਰ ਕੋਈ ਰੁਕਾਵਟ ਨਾ ਆਈ, ਤਾਂ ਅਪ੍ਰੈਲ ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਇਹ ਕਾਨੂੰਨ ਲਾਗੂ ਹੋ ਸਕਦਾ ਹੈ।