ਭਵਾਨੀਗੜ੍ਹ ਨੇੜੇ ਭਿਆਨਕ ਸੜਕ ਹਾਦਸਾ: ਪੀਆਰਟੀਸੀ ਬੱਸ ਦੀ ਟੱਕਰ ਨਾਲ ਬਜ਼ੁਰਗ ਦੀ ਮੌਤ

ਨਿਊਜ਼ ਪੰਜਾਬ

17 ਅਪ੍ਰੈਲ 2026

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਵਿੱਚ ਬਠਿੰਡਾ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਤੇਜ਼ ਰਫ਼ਤਾਰ ਪੀਆਰਟੀਸੀ ਬੱਸ ਨੇ ਮੋਟਰਸਾਈਕਲ ਸਵਾਰ ਕਰੀਬ 60 ਸਾਲਾ ਗੁਰਮੀਤ ਸਿੰਘ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਨਾਲ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੁਰਮੀਤ ਸਿੰਘ, ਜੋ ਪਿੰਡ ਘੁਮੰਡ ਸਿੰਘ ਵਾਲਾ ਦੇ ਰਹਿਣ ਵਾਲੇ ਸਨ, ਸੜਕ ਦੇ ਕੱਟ ਰਾਹੀਂ ਇੱਕ ਲੇਨ ਤੋਂ ਦੂਜੀ ਲੇਨ ਵਿੱਚ ਜਾ ਰਹੇ ਸਨ, ਜਦੋਂ ਇਹ ਹਾਦਸਾ ਵਾਪਰਿਆ। ਸੂਚਨਾ ਮਿਲਦਿਆਂ ਹੀ ਰੋਡ ਸੇਫਟੀ ਫੋਰਸ ਦੇ ਏਐਸਆਈ ਹਰਬੰਸ ਸਿੰਘ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਅਧਿਕਾਰੀਆਂ ਮੁਤਾਬਕ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।