ਹੁਸ਼ਿਆਰਪੁਰ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ, ਕਰਜ਼ੇ ਹੇਠਾਂ ਦਬਿਆ ਪਰਿਵਾਰ ਗਹਿਰੇ ਸਦਮੇ ‘ਚ

ਨਿਊਜ਼ ਪੰਜਾਬ

19 ਅਪ੍ਰੈਲ 2026

ਹੁਸ਼ਿਆਰਪੁਰ ਦੇ ਮੁਕੇਰੀਆਂ ਨੇੜਲੇ ਪਿੰਡ ਮੁਸ਼ਾਹਪੁਰ ਨਾਲ ਸਬੰਧਤ 42 ਸਾਲਾ ਰਜਿੰਦਰ ਸਿੰਘ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਨਾਲ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਦੋ ਸਾਲ ਪਹਿਲਾਂ ਰੋਜ਼ਗਾਰ ਦੀ ਖਾਤਰ ਵਿਦੇਸ਼ ਗਏ ਰਜਿੰਦਰ ਸਿੰਘ ਦੀ ਦੇਹ ਜਦੋਂ ਪਿੰਡ ਪਹੁੰਚੀ ਤਾਂ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਅਤੇ ਮੌਕੇ ‘ਤੇ ਮੌਜੂਦ ਕਈ ਲੋਕ ਬੇਹੋਸ਼ ਵੀ ਹੋ ਗਏ। ਜਾਣਕਾਰੀ ਮੁਤਾਬਕ ਉਹ ਮਿਨੀਸੋਟਾ ਵਿੱਚ ਰਹਿ ਰਿਹਾ ਸੀ ਅਤੇ ਆਪਣੇ ਪਿੱਛੇ ਪਤਨੀ ਤੇ ਦੋ ਛੋਟੀਆਂ ਧੀਆਂ ਛੱਡ ਗਿਆ ਹੈ। ਪਰਿਵਾਰ ਨੇ ਉਸਨੂੰ ਵਿਦੇਸ਼ ਭੇਜਣ ਲਈ ਕਰੀਬ 25 ਲੱਖ ਰੁਪਏ ਦਾ ਕਰਜ਼ਾ ਲਿਆ ਸੀ, ਜਿਸ ਕਾਰਨ ਹੁਣ ਘਰ ਉੱਤੇ ਆਰਥਿਕ ਸੰਕਟ ਮੰਡਰਾ ਰਿਹਾ ਹੈ। ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮੁਸ਼ਕਲ ਵੇਲੇ ਪਰਿਵਾਰ ਨੂੰ ਵਿੱਤੀ ਮਦਦ ਦਿੱਤੀ ਜਾਵੇ।