ਨਿਊਜ਼ ਪੰਜਾਬ
7 ਮਈ 2026
ਭਗਵੰਤ ਸਿੰਘ ਮਾਨ ਦੀ ਅੱਜ ਰਈਆਂ ਵਿਖੇ ਚੱਲ ਰਹੀ ‘ਸ਼ੁਕਰਾਨਾ ਯਾਤਰਾ’ ਦੌਰਾਨ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਮੁੱਖ ਮੰਤਰੀ ਕੋਲ ਪਹੁੰਚ ਕੇ ਰੋਸ ਪ੍ਰਗਟ ਕੀਤਾ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਜਾਣਕਾਰੀ ਮੁਤਾਬਕ ਬਲਵਿੰਦਰ ਕੌਰ ਭਾਰੀ ਸੁਰੱਖਿਆ ਘੇਰਾ ਪਾਰ ਕਰਕੇ ਮੁੱਖ ਮੰਤਰੀ ਦੀ ਗੱਡੀ ਤੱਕ ਪਹੁੰਚ ਗਈ। ਇਸ ਦੌਰਾਨ ਉਨ੍ਹਾਂ ਨੇ ਸੀਐਮ ਮਾਨ ਦਾ ਹੱਥ ਫੜ ਕੇ ਸਵਾਲ ਕੀਤਾ ਕਿ ਰਾਸ਼ਟਰੀ ਸੁਰੱਖਿਆ ਐਕਟ (NSA) ਦੀ ਮਿਆਦ ਖਤਮ ਹੋਣ ਦੇ ਬਾਵਜੂਦ ਵੀ ਉਨ੍ਹਾਂ ਦੇ ਪੁੱਤਰ ਨੂੰ ਪੰਜਾਬ ਵਾਪਸ ਕਿਉਂ ਨਹੀਂ ਲਿਆਂਦਾ ਗਿਆ। ਮੁੱਖ ਮੰਤਰੀ ਨੂੰ ਉਨ੍ਹਾਂ ਦੀ ਗੱਲ ਧਿਆਨ ਨਾਲ ਸੁਣਦੇ ਦੇਖਿਆ ਗਿਆ, ਪਰ ਮੌਕੇ ‘ਤੇ ਉਨ੍ਹਾਂ ਵੱਲੋਂ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਗਿਆ।
ਭਾਵੁਕ ਹੋਈ ਬਲਵਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਵੀ ਕਿਸੇ ਦਾ ਬੱਚਾ ਹੈ ਅਤੇ ਇੱਕ ਮਾਂ ਦੇ ਦਰਦ ਨੂੰ ਸਮਝਣ ਦੀ ਅਪੀਲ ਕੀਤੀ। ਜਦੋਂ ਉਨ੍ਹਾਂ ਨੂੰ ਲੱਗਾ ਕਿ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ ਤਾਂ ਉਨ੍ਹਾਂ ਨੇ ਮੌਕੇ ‘ਤੇ ਨਾਅਰੇਬਾਜ਼ੀ ਵੀ ਕੀਤੀ। ਇਸ ਮਾਮਲੇ ‘ਤੇ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ।
