ਨਿਊਜ਼ ਪੰਜਾਬ
17 ਮਈ 2026
ਪੰਜਾਬੀ ਅਦਾਕਾਰ ਅਤੇ ਸਾਬਕਾ ਕ੍ਰਿਕਟਰ ਯੋਗਰਾਜ ਸਿੰਘ ਨੇ ਚੰਡੀਗੜ੍ਹ ਦੇ ਸੈਕਟਰ-36 ਥਾਣੇ ਵਿੱਚ ਦਰਜ ਐੱਫ.ਆਈ.ਆਰ. ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਚਾਅ ਲਈ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਦਾ ਰੁਖ ਕੀਤਾ ਹੈ। ਉਨ੍ਹਾਂ ਵੱਲੋਂ ਅਗਾਊਂ ਜ਼ਮਾਨਤ (ਐਂਟੀਸਪੇਟਰੀ ਬੇਲ) ਲਈ ਪਟੀਸ਼ਨ ਦਾਖ਼ਲ ਕੀਤੀ ਗਈ ਹੈ, ਜਿਸ ’ਤੇ ਹੁਣ 20 ਮਈ ਨੂੰ ਸੁਣਵਾਈ ਹੋਵੇਗੀ।
ਜਾਣਕਾਰੀ ਮੁਤਾਬਕ ਯੋਗਰਾਜ ਸਿੰਘ ਨੇ ਆਪਣੇ ਵਕੀਲ ਰਾਹੀਂ ਸ਼ਨਿੱਚਰਵਾਰ ਨੂੰ ਜ਼ਿਲ੍ਹਾ ਅਦਾਲਤ ਵਿੱਚ ਇਹ ਅਰਜ਼ੀ ਦਾਇਰ ਕੀਤੀ। ਮਾਮਲੇ ਦੀ ਸੁਣਵਾਈ ਕਰਦੇ ਹੋਏ ਜ਼ਿਲ੍ਹਾ ਅਤੇ ਸੈਸ਼ਨ ਜੱਜ ਐੱਚ.ਐੱਸ. ਗਰੇਵਾਲ ਨੇ ਪੁਲਿਸ ਨੂੰ ਰਿਕਾਰਡ ਸਮੇਤ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।
ਚੰਡੀਗੜ੍ਹ ਪੁਲਿਸ ਵੱਲੋਂ ਯੋਗਰਾਜ ਸਿੰਘ ਖ਼ਿਲਾਫ਼ ਬੀ.ਐਨ.ਐੱਸ. ਦੀ ਧਾਰਾ 79 ਅਤੇ ਆਈ.ਟੀ. ਐਕਟ ਦੀ ਧਾਰਾ 67-ਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ ਹੈ ਕਿ ਹਿੰਦੀ ਵੈੱਬ ਸੀਰੀਜ਼ ‘ਲੁਖੇ’ ਵਿੱਚ ਉਨ੍ਹਾਂ ਨੇ ਔਰਤਾਂ ਪ੍ਰਤੀ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਸੀ।
ਇਸ ਮਾਮਲੇ ਦੇ ਸ਼ਿਕਾਇਤਕਰਤਾ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਸੈਕਟਰ-43 ਦੇ ਖ਼ਜ਼ਾਨਚੀ ਉਜਵਲ ਭਸੀਨ ਨੇ ਕਿਹਾ ਕਿ ਲਗਾਈਆਂ ਗਈਆਂ ਧਾਰਾਵਾਂ ਅਧੀਨ ਵੱਧ ਤੋਂ ਵੱਧ ਪੰਜ ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ ਅਤੇ ਆਈ.ਟੀ. ਐਕਟ ਦੀ ਧਾਰਾ 67-ਏ ਗੈਰ-ਜ਼ਮਾਨਤੀ ਹੈ। ਉਨ੍ਹਾਂ ਨੇ ਕਿਹਾ ਕਿ ਯੋਗਰਾਜ ਸਿੰਘ ਨੂੰ ਪੁਲਿਸ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਚੰਡੀਗੜ੍ਹ ਪੁਲਿਸ ਨੂੰ ਹੁਣ ਯੋਗਰਾਜ ਸਿੰਘ ਦਾ ਅਸਲ ਪਤਾ ਮਿਲ ਗਿਆ ਹੈ। ਹਾਲਾਂਕਿ ਪੁਲਿਸ ਵੱਲੋਂ ਉਨ੍ਹਾਂ ਨੂੰ ਪੇਸ਼ ਹੋਣ ਲਈ ਕੋਈ ਨੋਟਿਸ ਜਾਰੀ ਕੀਤਾ ਗਿਆ ਹੈ ਜਾਂ ਨਹੀਂ, ਇਸ ਬਾਰੇ ਅਜੇ ਤੱਕ ਅਧਿਕਾਰਕ ਪੁਸ਼ਟੀ ਨਹੀਂ ਹੋਈ।
