10 ਦਿਨਾਂ ‘ਚ ਤੀਜੀ ਵਾਰ ਮਹਿੰਗਾ ਹੋਇਆ ਪੈਟਰੋਲ-ਡੀਜ਼ਲ

ਨਿਊਜ਼ ਪੰਜਾਬ

23 ਮਈ 2026

ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਹੋ ਗਿਆ ਹੈ। ਤੇਲ ਕੰਪਨੀਆਂ ਵੱਲੋਂ ਅੱਜ ਪੈਟਰੋਲ ਦੀ ਕੀਮਤ ਵਿੱਚ 87 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਵਿੱਚ 91 ਪੈਸੇ ਪ੍ਰਤੀ ਲੀਟਰ ਦਾ ਇਜ਼ਾਫਾ ਕੀਤਾ ਗਿਆ। ਪਿਛਲੇ 10 ਦਿਨਾਂ ਦੌਰਾਨ ਇਹ ਤੀਜੀ ਵਾਰ ਹੈ ਜਦੋਂ ਬਾਲਣ ਦੀਆਂ ਕੀਮਤਾਂ ਵਧੀਆਂ ਹਨ, ਜਿਸ ਕਾਰਨ ਆਮ ਲੋਕਾਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ।

ਨਵੀਆਂ ਕੀਮਤਾਂ ਤੋਂ ਬਾਅਦ ਲੁਧਿਆਣਾ ਵਿੱਚ ਪੈਟਰੋਲ 103.03 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ, ਜਦਕਿ ਅੰਮ੍ਰਿਤਸਰ ਵਿੱਚ ਇਹ 102.12 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਮੋਹਾਲੀ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ 103.39 ਰੁਪਏ ਪ੍ਰਤੀ ਲੀਟਰ ਦਰਜ ਕੀਤੀ ਗਈ ਹੈ। ਉਥੇ ਹੀ ਚੰਡੀਗੜ੍ਹ ਵਿੱਚ ਪੈਟਰੋਲ 98.93 ਰੁਪਏ ਅਤੇ ਡੀਜ਼ਲ 86.93 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵੇਚਿਆ ਜਾ ਰਿਹਾ ਹੈ।

ਇਸ ਵਾਧੇ ਨੂੰ ਲੈ ਕੇ ਸਿਆਸੀ ਪ੍ਰਤੀਕਿਰਿਆਵਾਂ ਵੀ ਸਾਹਮਣੇ ਆਉਣ ਲੱਗੀਆਂ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ Manish Sisodia ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਵਲ ਦਸ ਦਿਨਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਭਗ 5 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਮਹਿੰਗਾਈ ‘ਤੇ ਕਾਬੂ ਪਾਉਣ ਦੀ ਮੰਗ ਕੀਤੀ।

ਦਿੱਲੀ ਵਿੱਚ ਵੀ ਪੈਟਰੋਲ ਦੀ ਕੀਮਤ 99.51 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.49 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ।ਤੇਲ ਕੰਪਨੀਆਂ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਅਸਥਿਰਤਾ ਅਤੇ ਪੱਛਮੀ ਏਸ਼ੀਆ ਵਿੱਚ ਵਧ ਰਹੇ ਭੂ-ਰਾਜਨੀਤਿਕ ਤਣਾਅ ਕਾਰਨ ਸਪਲਾਈ ਨੂੰ ਲੈ ਕੇ ਚਿੰਤਾਵਾਂ ਵਧੀਆਂ ਹਨ। ਭਾਰਤ ਵਰਗੇ ਦੇਸ਼, ਜੋ ਵੱਡੇ ਪੱਧਰ ‘ਤੇ ਕੱਚਾ ਤੇਲ ਆਯਾਤ ਕਰਦੇ ਹਨ, ਉਨ੍ਹਾਂ ‘ਤੇ ਇਸ ਦਾ ਸਿੱਧਾ ਅਸਰ ਪੈ ਰਿਹਾ ਹੈ।