ਨਿਊਜ਼ ਪੰਜਾਬ
24 ਮਈ 2026
ਰਾਜਪੁਰਾ ਨੇੜੇ ਮੰਡੋਲੀ ਪੁਲ ਤੋਂ ਕਰੀਬ ਇੱਕ ਕਿਲੋਮੀਟਰ ਅੱਗੇ ਅੱਜ ਸਵੇਰੇ ਇੱਕ ਬੇਹੱਦ ਦਰਦਨਾਕ ਹਾਦਸਾ ਵਾਪਰ ਗਿਆ। ਸਵੇਰੇ ਲਗਭਗ 9:30 ਵਜੇ ਇੱਕੋ ਪਰਿਵਾਰ ਦੇ ਪੰਜ ਮੈਂਬਰ ਨਹਿਰ ਵਿੱਚ ਡਿੱਗ ਗਏ। ਪਿੰਡ ਵਾਸੀਆਂ ਨੇ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਮਾਤਾ-ਪਿਤਾ ਨੂੰ ਸੁਰੱਖਿਅਤ ਬਾਹਰ ਕੱਢ ਲਿਆ, ਪਰ ਉਨ੍ਹਾਂ ਦੇ ਤਿੰਨ ਮਾਸੂਮ ਬੱਚੇ ਨਹਿਰ ਦੇ ਤੇਜ਼ ਵਹਾਅ ਵਿੱਚ ਡੁੱਬ ਗਏ।
ਸੂਚਨਾ ਮਿਲਦੇ ਹੀ ਗੋਤਾਖੋਰ ਰਾਜੀਵ ਦੀ ਅਗਵਾਈ ਹੇਠ 8-9 ਮੈਂਬਰੀ ਟੀਮ ਮੌਕੇ ‘ਤੇ ਪਹੁੰਚੀ ਅਤੇ ਕਰੀਬ ਅੱਧੇ ਘੰਟੇ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਤਿੰਨਾਂ ਬੱਚਿਆਂ ਦੀਆਂ ਲਾਸ਼ਾਂ ਨਹਿਰ ਵਿੱਚੋਂ ਬਾਹਰ ਕੱਢੀਆਂ ਗਈਆਂ। ਮ੍ਰਿਤਕ ਬੱਚਿਆਂ ਦੀ ਪਛਾਣ ਏਕਮ (7 ਸਾਲ), ਰਾਧਾ (12 ਸਾਲ) ਅਤੇ ਮੁਸਕਾਨ (14 ਸਾਲ) ਵਜੋਂ ਹੋਈ ਹੈ। ਇਹ ਪਰਿਵਾਰ ਜ਼ਿਲ੍ਹਾ ਮੋਹਾਲੀ ਦੇ ਪਿੰਡ ਮੌਜਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਰਾਜਪੁਰਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
