ਪੰਜਾਬ ਦੀਆਂ 4 ਨਗਰ ਕੌਂਸਲਾਂ ਲਈ ਚੋਣਾਂ ਦਾ ਐਲਾਨ, 10 ਜੂਨ ਨੂੰ ਆਉਣਗੇ ਨਤੀਜੇ

ਨਿਊਜ਼ ਪੰਜਾਬ

26 ਮਈ 2026

ਪੰਜਾਬ ਚੋਣ ਕਮਿਸ਼ਨ (PEC) ਵੱਲੋਂ ਰਹਿੰਦੀਆਂ 4 ਨਗਰ ਕੌਂਸਲਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੁਰਾਸੀ ਨਗਰ ਕੌਂਸਲਾਂ ਲਈ ਵੋਟਿੰਗ 10 ਜੂਨ 2026 ਨੂੰ ਹੋਵੇਗੀ ਅਤੇ ਉਸੇ ਦਿਨ ਨਤੀਜੇ ਵੀ ਐਲਾਨੇ ਜਾਣਗੇ। ਰਾਜ ਚੋਣ ਕਮਿਸ਼ਨ ਮੁਤਾਬਕ ਚੋਣ ਪ੍ਰਕਿਰਿਆ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਦੇ ਆਧਾਰ ‘ਤੇ ਸ਼ੁਰੂ ਕੀਤੀ ਗਈ ਹੈ। ਨਾਮਜ਼ਦਗੀਆਂ 28 ਮਈ ਤੋਂ ਸ਼ੁਰੂ ਹੋਣਗੀਆਂ ਅਤੇ 1 ਜੂਨ ਤੱਕ ਦਾਖਲ ਕੀਤੀਆਂ ਜਾ ਸਕਣਗੀਆਂ। ਨਾਮਜ਼ਦਗੀ ਪੱਤਰਾਂ ਦੀ ਜਾਂਚ 2 ਜੂਨ ਨੂੰ ਹੋਵੇਗੀ, ਜਦਕਿ 3 ਜੂਨ ਤੱਕ ਨਾਮ ਵਾਪਸ ਲਏ ਜਾ ਸਕਣਗੇ। ਚੋਣ ਕਮਿਸ਼ਨ ਨੇ ਦੱਸਿਆ ਕਿ ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਨਾਲ ਹੀ ਸੰਬੰਧਿਤ ਖੇਤਰਾਂ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ।