ਜਲੰਧਰ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼, ਤਿੰਨ ਮੁਲਜ਼ਮ ਗ੍ਰਿਫ਼ਤਾਰ

ਨਿਊਜ਼ ਪੰਜਾਬ

29 ਮਈ 2026

ਪੰਜਾਬ ਨੂੰ ਸੁਰੱਖਿਅਤ ਅਤੇ ਅਪਰਾਧ-ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨਜੋਤ ਸਿੰਘ ਵਾਸੀ ਪਿੰਡ ਢੇਸੀਆਂ, ਸੰਦੀਪ ਸਿੰਘ ਵਾਸੀ ਪਿੰਡ ਜਾਗੋਵਾਲ ਅਤੇ ਅਮਨਦੀਪ ਸਿੰਘ ਉਰਫ਼ ਅਮਨ ਵਾਸੀ ਪਿੰਡ ਭੈਣੀ ਪਸਵਾਲ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਮਾਡਿਊਲ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਅਤੇ ਤਸਕਰੀ ਵਿੱਚ ਸਰਗਰਮ ਸੀ। ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਕੁੱਲ ਪੰਜ .32 ਬੋਰ ਪਿਸਤੌਲਾਂ, 9 ਮੈਗਜ਼ੀਨਾਂ ਅਤੇ 22 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਮੁਤਾਬਕ ਭਰੋਸੇਯੋਗ ਸੂਚਨਾ ਦੇ ਆਧਾਰ ’ਤੇ ਪਹਿਲਾਂ ਮਨਜੋਤ ਸਿੰਘ ਨੂੰ ਜਲੰਧਰ ਬੱਸ ਸਟੈਂਡ ਨੇੜੇ ਇੱਕ .32 ਬੋਰ ਪਿਸਤੌਲ ਸਮੇਤ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਮਨਜੋਤ ਨੇ ਆਪਣੇ ਦੋ ਹੋਰ ਸਾਥੀਆਂ ਸੰਦੀਪ ਅਤੇ ਅਮਨਦੀਪ ਬਾਰੇ ਖੁਲਾਸਾ ਕੀਤਾ, ਜਿਸ ਤੋਂ ਬਾਅਦ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਗੁਰਦਾਸਪੁਰ ਦੇ ਪਿੰਡ ਭੈਣੀ ਪਸਵਾਲ ਤੋਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਅਮਨਦੀਪ ਦੀ ਨਿਸ਼ਾਨਦੇਹੀ ’ਤੇ ਧੁੱਸੀ ਬੰਨ੍ਹ ਨੇੜੇ ਲੁਕਾ ਕੇ ਰੱਖੀਆਂ ਗਈਆਂ ਚਾਰ ਹੋਰ .32 ਬੋਰ ਪਿਸਤੌਲਾਂ, ਅੱਠ ਮੈਗਜ਼ੀਨਾਂ ਅਤੇ 18 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਨਾਲ ਜੁੜੇ ਹੋਰ ਲਿੰਕਾਂ ਦੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਜਲੰਧਰ ਕਮਿਸ਼ਨਰੇਟ ਦੇ ਪੁਲਿਸ ਸਟੇਸ਼ਨ ਡਿਵੀਜ਼ਨ-6 ਵਿੱਚ ਅਸਲਾ ਐਕਟ ਦੀ ਧਾਰਾ 25(1-ਬੀ)ਏ ਤਹਿਤ ਐਫਆਈਆਰ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।