ਨਿਊਜ਼ ਪੰਜਾਬ
30 ਮਈ 2026
ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਦੋਂ ਗੰਗੋਤਰੀ ਨੈਸ਼ਨਲ ਹਾਈਵੇਅ ‘ਤੇ ਗੰਗਨਾਨੀ ਨੇੜੇ ਪੰਜਾਬ ਨੰਬਰ ਦੀ ਇੱਕ ਕਾਰ ਬੇਕਾਬੂ ਹੋ ਕੇ ਕਰੀਬ 250 ਮੀਟਰ ਡੂੰਘੀ ਖੱਡ ਵਿੱਚ ਜਾ ਡਿੱਗੀ। ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਔਰਤ ਸਮੇਤ ਤਿੰਨ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਸਥਾਨਕ ਲੋਕਾਂ ਦੀ ਸੂਚਨਾ ‘ਤੇ ਪੁਲਿਸ ਅਤੇ ਰਾਹਤ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਰੱਸੀਆਂ ਦੀ ਮਦਦ ਨਾਲ ਖੱਡ ਵਿੱਚ ਉਤਰ ਕੇ ਬਚਾਅ ਕਾਰਜ ਚਲਾਇਆ। ਜ਼ਖਮੀਆਂ ਨੂੰ ਉੱਤਰਕਾਸ਼ੀ ਦੇ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਹਾਦਸੇ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
