ਨਿਊਜ਼ ਪੰਜਾਬ
5 ਜੂਨ 2026
ਪੰਜਾਬ ਅਤੇ ਚੰਡੀਗੜ੍ਹ ਵਿੱਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਮੌਸਮ ਨੇ ਕਰਵਟ ਲੈ ਲਈ ਹੈ। ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਲਈ ਮੀਂਹ, ਤੇਜ਼ ਹਵਾਵਾਂ ਅਤੇ ਕੁਝ ਥਾਵਾਂ ‘ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਹੈ। 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮੋਹਾਲੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ।
ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਅਧਿਕਤਮ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਪਰ ਇਹ ਹਾਲੇ ਵੀ ਆਮ ਤਾਪਮਾਨ ਨਾਲੋਂ 2.7 ਡਿਗਰੀ ਘੱਟ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 42.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਵਿੱਚ 5.6 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ 6, 7 ਅਤੇ 10 ਜੂਨ ਨੂੰ ਵੀ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ ਤਿੰਨ ਦਿਨ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ, ਹਾਲਾਂਕਿ ਇਸ ਤੋਂ ਬਾਅਦ ਗਰਮੀ ਮੁੜ ਵਧ ਸਕਦੀ ਹੈ।
