ਨਿਊਜ਼ ਪੰਜਾਬ
ਮੌਸਮ ਵਿਭਾਗ,20 ਜੂਨ,2026
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ, ਜਿਸ ਕਾਰਨ ਲੋਕਾਂ ਨੂੰ ਤਪਦੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਅਤੇ ਰੂਪਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਗਰਜ-ਚਮਕ ਦੇ ਨਾਲ ਮੀਂਹ ਪੈਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਮੌਸਮ ਵਿਗਿਆਨੀਆਂ ਅਨੁਸਾਰ ਸੂਬੇ ਦੇ ਤਾਪਮਾਨ ਵਿੱਚ ਲਗਭਗ 2.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਮੌਸਮ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 38.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਹੋਰ ਖੇਤਰਾਂ ਵਿੱਚ ਵੀ ਤਾਪਮਾਨ ਵਿੱਚ ਕਮੀ ਦੇਖੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ 22 ਜੂਨ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਰਹੇਗੀ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮਾਹਿਰਾਂ ਦਾ ਕਹਿਣਾ ਹੈ ਕਿ 30 ਜੂਨ ਤੋਂ 5 ਜੁਲਾਈ ਦੇ ਵਿਚਕਾਰ ਮਾਨਸੂਨ ਪੰਜਾਬ ਵਿੱਚ ਦਸਤਕ ਦੇ ਸਕਦਾ ਹੈ, ਜਿਸ ਨਾਲ ਮੌਸਮ ਹੋਰ ਵੀ ਸੁਹਾਵਣਾ ਹੋ ਜਾਵੇਗਾ। ਹਾਲਾਂਕਿ 23 ਜੂਨ ਤੋਂ ਮੌਸਮ ਮੁੜ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
