ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਰਾਹਤ! ਪ੍ਰਾਈਵੇਟ ਸਕੂਲ ਹੁਣ ਮਨਮਰਜ਼ੀ ਨਾਲ ਨਹੀਂ ਵਧਾ ਸਕਣਗੇ ਫੀਸਾਂ

ਨਿਊਜ਼ ਪੰਜਾਬ

22 ਜੂਨ,2026

ਪੰਜਾਬ ਸਰਕਾਰ ਨੇ ਲੱਖਾਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੱਡੀ ਰਾਹਤ ਦਿੰਦਿਆਂ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਦੀਆਂ ਫੀਸਾਂ ‘ਤੇ ਨਿਯੰਤਰਣ ਲਗਾਉਣ ਲਈ ਅਹਿਮ ਫੈਸਲਾ ਕੀਤਾ ਹੈ। ਕੈਬਨਿਟ ਵੱਲੋਂ ਮਨਜ਼ੂਰ ਕੀਤੇ ਗਏ ਨਵੇਂ ਆਰਡੀਨੈਂਸ ਅਨੁਸਾਰ ਹੁਣ ਕੋਈ ਵੀ ਨਿੱਜੀ ਜਾਂ ਗੈਰ-ਸਹਾਇਤਾ ਪ੍ਰਾਪਤ ਵਿਦਿਅਕ ਸੰਸਥਾ ਸਾਲਾਨਾ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕੇਗੀ। ਸਰਕਾਰ ਦਾ ਕਹਿਣਾ ਹੈ ਕਿ ਇਹ ਕਦਮ ਮਾਪਿਆਂ ਨੂੰ ਬੇਲੋੜੇ ਆਰਥਿਕ ਬੋਝ ਤੋਂ ਬਚਾਉਣ ਅਤੇ ਸਿੱਖਿਆ ਖੇਤਰ ਵਿੱਚ ਪਾਰਦਰਸ਼ਤਾ ਲਿਆਉਣ ਲਈ ਚੁੱਕਿਆ ਗਿਆ ਹੈ। ਨਵੇਂ ਨਿਯਮਾਂ ਤਹਿਤ ਹਰ ਤਰ੍ਹਾਂ ਦੀ ਫੀਸ ਨੂੰ ਇਸ ਸੀਮਾ ਵਿੱਚ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਸਕੂਲ ਵੱਖ-ਵੱਖ ਨਾਵਾਂ ਹੇਠ ਵਾਧੂ ਰਕਮ ਨਾ ਵਸੂਲ ਸਕਣ। ਇਸ ਤੋਂ ਇਲਾਵਾ, ਜਿਨ੍ਹਾਂ ਸਕੂਲਾਂ ਨੇ ਪਿਛਲੇ 36 ਮਹੀਨਿਆਂ ਦੌਰਾਨ 15 ਫੀਸਦੀ ਜਾਂ ਇਸ ਤੋਂ ਵੱਧ ਫੀਸ ਵਧਾਈ ਹੈ, ਉਨ੍ਹਾਂ ਤੋਂ ਵਾਧੂ ਵਸੂਲੀ ਗਈ ਰਕਮ ਮਾਪਿਆਂ ਨੂੰ ਵਾਪਸ ਕਰਵਾਉਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਫੀਸ ਵਾਧੇ ਦੀ ਨਿਗਰਾਨੀ ਲਈ ਵਿਸ਼ੇਸ਼ ਕਮੇਟੀ ਬਣਾਈ ਜਾਵੇਗੀ ਅਤੇ 5 ਫੀਸਦੀ ਤੋਂ ਵੱਧ ਵਾਧੇ ਲਈ ਸਕੂਲਾਂ ਨੂੰ ਪਹਿਲਾਂ ਮਨਜ਼ੂਰੀ ਲੈਣੀ ਪਵੇਗੀ। ਸਰਕਾਰ ਦੇ ਇਸ ਫੈਸਲੇ ਨੂੰ ਸਿੱਖਿਆ ਖੇਤਰ ਵਿੱਚ ਇੱਕ ਵੱਡੇ ਸੁਧਾਰ ਵਜੋਂ ਦੇਖਿਆ ਜਾ ਰਿਹਾ ਹੈ, ਜਿਸ ਨਾਲ ਮਾਪਿਆਂ ਨੂੰ ਕਾਫ਼ੀ ਰਾਹਤ ਮਿਲਣ ਦੀ ਉਮੀਦ ਹੈ।