ਨਿਊਜ਼ ਪੰਜਾਬ
23 ਜੂਨ,2026
ਮੁੱਖ ਮੰਤਰੀ Bhagwant Mann ਨੇ ਬਠਿੰਡਾ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਲਈ ਚੁਣੇ ਗਏ 658 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸਰਕਾਰ ਨੇ ਦਾਅਵਾ ਕੀਤਾ ਕਿ ਮੌਜੂਦਾ ਕਾਰਜਕਾਲ ਦੌਰਾਨ ਹੁਣ ਤੱਕ 68,288 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸਰਕਾਰੀ ਨੌਕਰੀਆਂ ਲਈ ਸਿਫ਼ਾਰਿਸ਼ ਅਤੇ ਰਿਸ਼ਵਤਖੋਰੀ ਦਾ ਬੋਲਬਾਲਾ ਸੀ, ਜਿਸ ਕਾਰਨ ਆਮ ਪਰਿਵਾਰਾਂ ਦੇ ਬੱਚਿਆਂ ਦੇ ਸੁਪਨੇ ਅਧੂਰੇ ਰਹਿ ਜਾਂਦੇ ਸਨ, ਪਰ ਹੁਣ ਭਰਤੀਆਂ ਸਿਰਫ਼ ਮੈਰਿਟ ਦੇ ਆਧਾਰ ‘ਤੇ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ ਅਤੇ ਕਿਹਾ ਕਿ ਪੰਜਾਬ ਵਿੱਚ ਹਜ਼ਾਰਾਂ ਭਰਤੀਆਂ ਦੇ ਬਾਵਜੂਦ ਇੱਕ ਵੀ ਪੇਪਰ ਲੀਕ ਦੀ ਘਟਨਾ ਸਾਹਮਣੇ ਨਹੀਂ ਆਈ। ਮੁੱਖ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਿੱਖਿਆ ਹੀ ਗਰੀਬੀ ਨੂੰ ਖਤਮ ਕਰਨ ਅਤੇ ਸਮਾਜ ਨੂੰ ਅੱਗੇ ਵਧਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ।
