ਨਿਊਜ਼ ਪੰਜਾਬ
25 ਜੂਨ,2026
ਵੈਨੇਜ਼ੁਏਲਾ ਵਿੱਚ ਇੱਕ ਮਿੰਟ ਦੇ ਅੰਦਰ ਆਏ ਦੋ ਸ਼ਕਤੀਸ਼ਾਲੀ ਭੂਚਾਲਾਂ ਨੇ ਦੇਸ਼ ਭਰ ਵਿੱਚ ਭਾਰੀ ਤਬਾਹੀ ਮਚਾ ਦਿੱਤੀ ਹੈ। ਰਾਜਧਾਨੀ ਕਰਾਕਸ ਸਮੇਤ ਕਈ ਸ਼ਹਿਰਾਂ ਵਿੱਚ ਸੈਂਕੜੇ ਇਮਾਰਤਾਂ ਢਹਿ ਗਈਆਂ, ਜਦਕਿ ਮੁੱਖ ਹਵਾਈ ਅੱਡੇ ਨੂੰ ਵੀ ਵੱਡਾ ਨੁਕਸਾਨ ਪਹੁੰਚਿਆ ਹੈ। ਬਚਾਅ ਟੀਮਾਂ ਮਲਬੇ ਹੇਠਾਂ ਫਸੇ ਲੋਕਾਂ ਨੂੰ ਕੱਢਣ ਲਈ ਜੰਗੀ ਪੱਧਰ ‘ਤੇ ਰਾਹਤ ਕਾਰਜ ਚਲਾ ਰਹੀਆਂ ਹਨ ਅਤੇ ਹਸਪਤਾਲਾਂ ਵਿੱਚ ਐਮਰਜੈਂਸੀ ਐਲਾਨ ਦਿੱਤੀ ਗਈ ਹੈ। ਅਮਰੀਕੀ ਭੂ-ਵਿਗਿਆਨਕ ਸਰਵੇਖਣ (USGS) ਨੇ ਆਪਣੇ ਸ਼ੁਰੂਆਤੀ ਅੰਦਾਜ਼ੇ ਵਿੱਚ ਚੇਤਾਵਨੀ ਦਿੱਤੀ ਹੈ ਕਿ ਇਸ ਆਫ਼ਤ ਕਾਰਨ ਜਾਨੀ ਨੁਕਸਾਨ ਬਹੁਤ ਵੱਡਾ ਹੋ ਸਕਦਾ ਹੈ ਅਤੇ ਮੌਤਾਂ ਦੀ ਗਿਣਤੀ 10,000 ਤੋਂ 100,000 ਦੇ ਵਿਚਕਾਰ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਸਰਕਾਰੀ ਤੌਰ ‘ਤੇ ਅਜੇ ਤੱਕ ਮ੍ਰਿਤਕਾਂ ਦੀ ਗਿਣਤੀ ਦੀ ਪੁਸ਼ਟੀ ਨਹੀਂ ਕੀਤੀ ਗਈ।
ਭੂਚਾਲ ਤੋਂ ਬਾਅਦ ਕਈ ਥਾਵਾਂ ‘ਤੇ ਬਿਜਲੀ ਅਤੇ ਸੰਚਾਰ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ, ਜਦਕਿ ਲਗਾਤਾਰ ਆ ਰਹੇ ਝਟਕਿਆਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਮਾਹਿਰਾਂ ਮੁਤਾਬਕ ਵੈਨੇਜ਼ੁਏਲਾ ਕੈਰੇਬੀਅਨ ਅਤੇ ਦੱਖਣੀ ਅਮਰੀਕੀ ਟੈਕਟੋਨਿਕ ਪਲੇਟਾਂ ਦੇ ਮਿਲਾਪ ਵਾਲੇ ਖੇਤਰ ਵਿੱਚ ਸਥਿਤ ਹੋਣ ਕਾਰਨ ਭੂਚਾਲਾਂ ਲਈ ਬਹੁਤ ਸੰਵੇਦਨਸ਼ੀਲ ਹੈ।
