ਨਿਊਜ਼ ਪੰਜਾਬ
25 ਜੂਨ,2026
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਜਲੰਧਰ ਵਿੱਚ ਇੱਕ ਸਮਾਗਮ ਦੌਰਾਨ ਅਚਾਨਕ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ, ਉਨ੍ਹਾਂ ਨੇ ਗਲਤੀ ਨਾਲ ਬਲੱਡ ਪ੍ਰੈਸ਼ਰ ਦੀਆਂ ਦੋ ਦਵਾਈਆਂ ਇੱਕੋ ਸਮੇਂ ਲੈ ਲਈਆਂ, ਜਿਸ ਕਾਰਨ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਬਹੁਤ ਘੱਟ ਹੋ ਗਿਆ ਅਤੇ ਉਹ ਬੇਹੋਸ਼ ਹੋ ਕੇ ਡਿੱਗ ਪਏ। ਖੁਸ਼ਕਿਸਮਤੀ ਨਾਲ ਮੌਕੇ ‘ਤੇ ਮੌਜੂਦ ਉਨ੍ਹਾਂ ਦੇ ਡਾਕਟਰ ਦੋਸਤ ਨੇ ਤੁਰੰਤ ਸੀਪੀਆਰ ਦੇ ਕੇ ਉਨ੍ਹਾਂ ਦੀ ਜਾਨ ਬਚਾਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਡਾਕਟਰਾਂ ਦੇ ਅਨੁਸਾਰ ਸਮੇਂ ਸਿਰ ਮਿਲੇ ਇਲਾਜ ਕਾਰਨ ਮਨੋਰੰਜਨ ਕਾਲੀਆ ਦੀ ਹਾਲਤ ਹੁਣ ਸਥਿਰ ਹੈ ਅਤੇ ਉਹ ਪੂਰੀ ਤਰ੍ਹਾਂ ਖ਼ਤਰੇ ਤੋਂ ਬਾਹਰ ਹਨ। ਘਟਨਾ ਦੀ ਸੂਚਨਾ ਮਿਲਣ ‘ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਹਸਪਤਾਲ ਪਹੁੰਚੇ ਅਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ।
