ਨਿਊਜ਼ ਪੰਜਾਬ
26 ਜੂਨ,2026
ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਅਤੇ ਮੁਅੱਤਲ ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੀ। ਸ਼ੁੱਕਰਵਾਰ ਨੂੰ ਉਨ੍ਹਾਂ ਦੀ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਹੋਈ ਸੁਣਵਾਈ ਦੌਰਾਨ ਹਾਈਕੋਰਟ ਨੇ ਕਿਸੇ ਵੀ ਤਰ੍ਹਾਂ ਦੀ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 7 ਜੁਲਾਈ ਲਈ ਮੁਲਤਵੀ ਕਰ ਦਿੱਤੀ। ਇਸ ਤੋਂ ਪਹਿਲਾਂ ਹਾਈਕੋਰਟ ਅਤੇ ਸੁਪਰੀਮ ਕੋਰਟ ਦੋਵੇਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਚੁੱਕੇ ਹਨ, ਹਾਲਾਂਕਿ ਸੁਪਰੀਮ ਕੋਰਟ ਨੇ ਮੁਕੱਦਮਾ ਦੋ ਮਹੀਨਿਆਂ ਵਿੱਚ ਸ਼ੁਰੂ ਨਾ ਹੋਣ ਦੀ ਸਥਿਤੀ ਵਿੱਚ ਦੁਬਾਰਾ ਜ਼ਮਾਨਤ ਲਈ ਅਰਜ਼ੀ ਦੇਣ ਦੀ ਛੂਟ ਦਿੱਤੀ ਸੀ।
ਭੁੱਲਰ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਜਾਂਚ ਪੂਰੀ ਹੋ ਚੁੱਕੀ ਹੈ, ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ ਅਤੇ ਜ਼ਿਆਦਾਤਰ ਗਵਾਹ ਸਰਕਾਰੀ ਅਧਿਕਾਰੀ ਹਨ, ਇਸ ਲਈ ਉਹ ਸਬੂਤਾਂ ਨਾਲ ਛੇੜਛਾੜ ਜਾਂ ਗਵਾਹਾਂ ਨੂੰ ਪ੍ਰਭਾਵਿਤ ਨਹੀਂ ਕਰ ਸਕਦੇ। ਇਸ ਦੇ ਬਾਵਜੂਦ ਹਾਈਕੋਰਟ ਨੇ ਤੁਰੰਤ ਰਾਹਤ ਨਾ ਦਿੰਦਿਆਂ ਮਾਮਲੇ ਦੀ ਸੁਣਵਾਈ ਅੱਗੇ ਲਈ ਟਾਲ ਦਿੱਤੀ।
