ਨਿਊਜ਼ ਪੰਜਾਬ
30 ਜੂਨ,2026
ਪ੍ਰਕਾਸ਼ ਗੁਰਪੁਰਬ – ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ
*ਪੰਜਿ ਪਿਆਲੇ ਪੰਜ ਪੀਰ ਛਠਮੁ ਪੀਰੁ ਬੈਠਾ ਗੁਰੁ ਭਾਰੀ।*
*ਅਰਜਨ ਕਾਇਆ ਪਲਟਿਕੈ ਮੂਰਤਿ ਹਰਿਗੋਬਿੰਦ ਸਵਾਰੀ॥*
*ਚਲੀ ਪੀੜੀ ਸੋਢੀਆ ਰੂਪੁ ਦਿਖਾਵਣਿ ਵਾਰੋ ਵਾਰੀ।*
*ਦਲਭੰਜਨ ਗੁਰੁ ਸੂਰਮਾ ਵਡ ਜੋਧਾ ਬਹੁ ਪਰਉਪਕਾਰੀ।
ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੰਜਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਵਿਖੇ ਨਗਰ ਗੁਰੂ ਕੀ ਵਡਾਲੀ, ਸ੍ਰੀ ਅੰਮ੍ਰਿਤਸਰ ਵਿਖੇ ਹੋਇਆ। ਆਪ ਜੀ ਦੀ ਵਿਦਿਆ ਅਤੇ ਸ਼ਸਤਰ ਸਿਖਲਾਈ ਦੀ ਅਹਿਮ ਜ਼ਿੰਮੇਵਾਰੀ ਬਾਬਾ ਬੁੱਢਾ ਜੀ ਨੇ ਨਿਭਾਈ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਪਣੀ ਮਹਾਨ ਸ਼ਹਾਦਤ ਤੋਂ ਪਹਿਲਾਂ ਆਪ ਜੀ ਨੂੰ ਗੁਰਿਆਈ ਦੀ ਬਖ਼ਸ਼ਿਸ਼ ਕੀਤੀ। ਗੁਰਿਆਈ ’ਤੇ ਬਿਰਾਜਮਾਨ ਹੁੰਦਿਆਂ ਹੀ ਗੁਰੂ ਸਾਹਿਬ ਨੇ ਜ਼ੁਲਮ ਤੇ ਜਬਰ ਦੇ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਸਰਬਉੱਚ ਆਸਣ ‘ਸ੍ਰੀ ਅਕਾਲ ਤਖ਼ਤ ਸਾਹਿਬ’ ਦੀ ਸਥਾਪਨਾ ਕੀਤੀ ਅਤੇ ਸਿੱਖਾਂ ਅੰਦਰ ਸੂਰਮਾਪਣ ਤੇ ਬੀਰ ਰਸ ਉਜਾਗਰ ਕਰਨ ਲਈ ‘ਵੱਡੀ ਪਰਪੀਰਾ’ ਦੀ ਵਿਲੱਖਣ ਆਰੰਭਤਾ ਕੀਤੀ। ਆਪ ਜੀ ਨੇ ਸਿੱਖ ਇਤਿਹਾਸ ਦੀਆਂ ਪਹਿਲੀਆਂ ਚਾਰ ਪ੍ਰਮੁੱਖ ਜੰਗਾਂ ਲੜ ਕੇ ਫਤਿਹ ਹਾਸਲ ਕੀਤੀ। ਗੁਰੂ ਜੀ ਨੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਦੂਰ-ਦੁਰਾਡੇ ਦੌਰੇ ਕਰਕੇ ਸਿੱਖ ਧਰਮ ਨੂੰ ਪ੍ਰਫੁੱਲਤ ਕੀਤਾ।
ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਬੰਦੀ ਛੋੜ ਦਾਤਾ ਵਜੋਂ ਵੀ ਸਤਿਕਾਰਿਆ ਜਾਂਦਾ ਹੈ। ਜਦੋਂ ਆਪ ਜੀ ਨੂੰ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਕੀਤਾ ਗਿਆ, ਤਾਂ ਆਪ ਜੀ ਨੇ ਆਪਣੇ ਨਾਲ 52 ਰਾਜਿਆਂ ਨੂੰ ਵੀ ਆਜ਼ਾਦ ਕਰਵਾਇਆ। ਇਹ ਘਟਨਾ ਦਇਆ, ਨਿਆਂ ਅਤੇ ਮਨੁੱਖਤਾ ਦਾ ਅਨੋਖਾ ਪ੍ਰਤੀਕ ਹੈ।
ਗੁਰੂ ਸਾਹਿਬ ਜੀ ਦੀ ਸਿੱਖਿਆ ਅੱਜ ਵੀ ਸਾਨੂੰ ਸੱਚ, ਹਿੰਮਤ, ਸੇਵਾ, ਨਿਮਰਤਾ ਅਤੇ ਇਨਸਾਫ਼ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ। ਆਓ, ਅਸੀਂ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਵਿੱਚ ਪਿਆਰ, ਭਾਈਚਾਰਾ ਅਤੇ ਨਿਆਂ ਦੀ ਭਾਵਨਾ ਨੂੰ ਮਜ਼ਬੂਤ ਕਰੀਏ। ਇਹੀ ਗੁਰੂ ਸਾਹਿਬ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
