ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਰਿਸ਼ਵਤਖੋਰੀ ਮਾਮਲੇ ਦੀ FIR ਰੱਦ ਕਰਨ ਤੋਂ ਇਨਕਾਰ

ਨਿਊਜ਼ ਪੰਜਾਬ

1 ਜੁਲਾਈ,2026

ਪੰਜਾਬ ਦੀ ਸਾਬਕਾ ਕਾਂਗਰਸ ਸਰਕਾਰ ਵਿੱਚ ਉਦਯੋਗ ਮੰਤਰੀ ਰਹੇ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਕਾਨੂੰਨੀ ਝਟਕਾ ਲੱਗਿਆ ਹੈ। ਹਾਈਕੋਰਟ ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਦਰਜ ਐਫ.ਆਈ.ਆਰ. ਅਤੇ ਟ੍ਰਾਇਲ ਕੋਰਟ ਵਿੱਚ ਚੱਲ ਰਹੀ ਕਾਰਵਾਈ ਨੂੰ ਰੱਦ ਕਰਨ ਲਈ ਦਾਇਰ ਕੀਤੀ ਉਨ੍ਹਾਂ ਦੀ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਪਟੀਸ਼ਨ ਵਿੱਚ ਐਫ.ਆਈ.ਆਰ. ਰੱਦ ਕਰਨ ਲਈ ਕੋਈ ਢੁੱਕਵਾਂ ਕਾਨੂੰਨੀ ਆਧਾਰ ਜਾਂ ਮੈਰਿਟ ਨਹੀਂ ਹੈ। ਇਹ ਮਾਮਲਾ 2022 ਦਾ ਹੈ, ਜਦੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਸੰਪਤੀ ਦੇ ਮਾਮਲੇ ਵਿੱਚ ਆਪਣਾ ਨਾਮ ਹਟਵਾਉਣ ਲਈ ਇੱਕ ਏ.ਆਈ.ਜੀ. ਨੂੰ ਇੱਕ ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਦੋਸ਼ ਹੇਠ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਵਿਜੀਲੈਂਸ ਦਾ ਦਾਅਵਾ ਹੈ ਕਿ ਉਹ 50 ਲੱਖ ਰੁਪਏ ਦੀ ਪਹਿਲੀ ਕਿਸ਼ਤ ਲੈ ਕੇ ਪਹੁੰਚੇ ਸਨ, ਜਿੱਥੇ ਪਹਿਲਾਂ ਤੋਂ ਵਿਛਾਏ ਜਾਲ ਦੌਰਾਨ ਉਨ੍ਹਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਭਾਵੇਂ ਅਰੋੜਾ ਨੂੰ ਇਸ ਮਾਮਲੇ ਵਿੱਚ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ, ਪਰ ਹਾਈਕੋਰਟ ਦੇ ਤਾਜ਼ਾ ਫ਼ੈਸਲੇ ਤੋਂ ਬਾਅਦ ਟ੍ਰਾਇਲ ਕੋਰਟ ਵਿੱਚ ਮਾਮਲੇ ਦੀ ਸੁਣਵਾਈ ਪਹਿਲਾਂ ਵਾਂਗ ਜਾਰੀ ਰਹੇਗੀ।