ਨਿਊਜ਼ ਪੰਜਾਬ
2 ਜੁਲਾਈ 2026
ਪੰਜਾਬ ਦੇ ਕਰੀਬ 8 ਲੱਖ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤਾ (DA) ਅਤੇ ਪੇ-ਕਮਿਸ਼ਨ ਦੇ ਬਕਾਇਆ ਏਰੀਅਰ ਨਾਲ ਜੁੜੇ ਮਾਮਲੇ ਵਿੱਚ ਅਜੇ ਹੋਰ ਉਡੀਕ ਕਰਨੀ ਪਵੇਗੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਡਬਲ ਬੈਂਚ ਵਿੱਚ ਹੋਣ ਵਾਲੀ ਅਹਿਮ ਸੁਣਵਾਈ ਸਮੇਂ ਦੀ ਕਮੀ ਕਾਰਨ ਪੂਰੀ ਨਾ ਹੋ ਸਕੀ ਅਤੇ ਹੁਣ ਇਹ ਮਾਮਲਾ ਸ਼ੁੱਕਰਵਾਰ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਹਾਈਕੋਰਟ ਦੀ ਸਿੰਗਲ ਬੈਂਚ ਪਹਿਲਾਂ ਹੀ ਪੰਜਾਬ ਸਰਕਾਰ ਨੂੰ 30 ਜੂਨ ਤੱਕ ਬਕਾਇਆ ਡੀਏ ਦਾ ਭੁਗਤਾਨ ਕਰਨ ਦੇ ਹੁਕਮ ਦੇ ਚੁੱਕੀ ਹੈ, ਜਿਸ ਨੂੰ ਸਰਕਾਰ ਨੇ ਚੁਣੌਤੀ ਦਿੱਤੀ ਹੋਈ ਹੈ। ਹੁਣ ਅਦਾਲਤ ਇਹ ਵੇਖੇਗੀ ਕਿ ਸਰਕਾਰ ਨੇ ਬਕਾਇਆ ਰਕਮ ਦੇ ਭੁਗਤਾਨ ਲਈ ਕੀ ਯੋਜਨਾ ਤਿਆਰ ਕੀਤੀ ਹੈ ਅਤੇ ਕੀ ਉਹ ਕਿਸ਼ਤਾਂ ਵਿੱਚ ਭੁਗਤਾਨ ਦਾ ਪ੍ਰਸਤਾਵ ਰੱਖਦੀ ਹੈ ਜਾਂ ਹੋਰ ਸਮੇਂ ਦੀ ਮੰਗ ਕਰਦੀ ਹੈ।
ਇਸ ਵੇਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨਾਲੋਂ 18 ਫੀਸਦੀ ਘੱਟ ਮਹਿੰਗਾਈ ਭੱਤਾ ਮਿਲ ਰਿਹਾ ਹੈ, ਜਿਸ ਕਾਰਨ ਮੁਲਾਜ਼ਮ ਜਥੇਬੰਦੀਆਂ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਹਨ। ਜੇਕਰ ਹਾਈਕੋਰਟ ਤੋਂ ਵੀ ਰਾਹਤ ਨਾ ਮਿਲੀ ਤਾਂ 17 ਜੁਲਾਈ ਨੂੰ ਪੰਜਾਬ ਭਰ ਵਿੱਚ ਮਹਾਰੈਲੀ ਅਤੇ ਮਹਾਬੰਦ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ, ਜਿਸ ਕਾਰਨ ਇਹ ਮਾਮਲਾ ਆਉਣ ਵਾਲੇ ਦਿਨਾਂ ਵਿੱਚ ਸਿਆਸੀ ਅਤੇ ਪ੍ਰਸ਼ਾਸਨਿਕ ਪੱਖੋਂ ਵੀ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।
