ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ‘ਤੇ ਪੰਜਾਬ ਸਰਕਾਰ ਨੂੰ ਭੇਜੇ ਇਤਰਾਜ਼, ਸੋਧਾਂ ਲਈ ਅਧਿਕਾਰਤ ਪੱਤਰ ਜਾਰੀ

ਨਿਊਜ਼ ਪੰਜਾਬ

5 ਜੁਲਾਈ 2026

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਸਬੰਧੀ ਆਪਣਾ ਅਧਿਕਾਰਤ ਇਤਰਾਜ਼ ਅਤੇ ਲੋੜੀਂਦੀਆਂ ਸੋਧਾਂ ਲਈ ਵਿਸਥਾਰਪੂਰਵਕ ਪੱਤਰ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਹੈ।

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਜੂਨ ਨੂੰ ਹੋਈ ਇਕੱਤਰਤਾ ਵਿੱਚ ਗੁਰੂ ਖ਼ਾਲਸਾ ਪੰਥ ਦੀ ਭਾਵਨਾ ਅਨੁਸਾਰ ਤਿਆਰ ਕੀਤੇ ਗਏ ਸੁਝਾਅ ਅਤੇ ਇਤਰਾਜ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਅਧਿਕਾਰਤ ਈ-ਮੇਲ ਰਾਹੀਂ ਭੇਜੇ ਗਏ ਹਨ, ਜਦਕਿ ਇਹ ਪੱਤਰ ਰਜਿਸਟਰਡ ਡਾਕ ਰਾਹੀਂ ਵੀ ਭੇਜੇ ਜਾਣਗੇ। ਇਸ ਤੋਂ ਪਹਿਲਾਂ ਬੇਅਦਬੀ ਵਿਰੋਧੀ ਕਾਨੂੰਨ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ, ਜਿੱਥੇ ਉਨ੍ਹਾਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਆਪਣਾ ਪੱਖ ਰੱਖਿਆ ਸੀ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਸਿੱਖ ਕੌਮ ਦੇ ਇਤਰਾਜ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਕਰਨ ਲਈ ਇੱਕ ਮਹੀਨੇ ਦਾ ਸਮਾਂ ਵੀ ਦਿੱਤਾ ਗਿਆ ਸੀ।