ਪਠਾਨਕੋਟ ਕਤਲ ਕਾਂਡ ‘ਚ ਪੁਲਿਸ ਦੀ ਵੱਡੀ ਕਾਰਵਾਈ, 24 ਘੰਟਿਆਂ ਅੰਦਰ 4 ਮੁਲਜ਼ਮ ਗ੍ਰਿਫ਼ਤਾਰ; 7 ਦੀ ਭਾਲ ਜਾਰੀ

ਨਿਊਜ਼ ਪੰਜਾਬ

5 ਜੁਲਾਈ 2026

ਪਠਾਨਕੋਟ ਵਿੱਚ ਬੀਤੇ ਦਿਨ ਵਾਪਰੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ 24 ਘੰਟਿਆਂ ਦੇ ਅੰਦਰ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਵਿੱਚ ਕੁੱਲ 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ ਚਾਰ ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਬਾਕੀ ਸੱਤ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਨੌਜਵਾਨਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਵਿੱਚ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇੱਕ ਨੌਜਵਾਨ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਮੌਤ ਤੋਂ ਪਹਿਲਾਂ ਉਸ ਨੇ ਇੱਕ ਵੀਡੀਓ ਰਿਕਾਰਡ ਕਰਕੇ ਹਮਲਾਵਰਾਂ ਦੇ ਨਾਮ ਵੀ ਦੱਸੇ ਸਨ, ਜਿਸ ਦੇ ਆਧਾਰ ‘ਤੇ ਪੁਲਿਸ ਨੇ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੀ ਜਾਂਚ ਕਰਦਿਆਂ ਮੁਲਜ਼ਮਾਂ ਦੀ ਪਛਾਣ ਕੀਤੀ। ਪੁਲਿਸ ਸੁਪਰਡੈਂਟ ਮਨੋਜ ਠਾਕੁਰ ਨੇ ਦੱਸਿਆ ਕਿ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਪੁਲਿਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਵਿੱਚ ਇਹ ਵਾਰਦਾਤ ਪੁਰਾਣੀ ਰੰਜਿਸ਼ ਦਾ ਨਤੀਜਾ ਸਾਹਮਣੇ ਆਈ ਹੈ।