ਨਿਊਜ਼ ਪੰਜਾਬ
6 ਜੁਲਾਈ,2026
ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅਤੇ ਪਾਰਟੀਆਂ ਵਿੱਚ ਆਗੂਆਂ ਦੇ ਆਉਣ-ਜਾਣ ਦਾ ਦੌਰ ਜਾਰੀ ਹੈ। ਇਸੇ ਕੜੀ ਵਿੱਚ ਮੋਗਾ ਦੇ ਪਿੰਡ ਪੱਤੋ ਹੀਰਾ ਸਿੰਘ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਅੰਮ੍ਰਿਤਪਾਲ ਸਿੰਘ ਪੱਤੋਂ ਆਪਣੇ ਕਰੀਬੀ 30 ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਨਵੇਂ ਮੈਂਬਰਾਂ ਦਾ ਸਿਰੋਪਾਓ ਭੇਟ ਕਰਕੇ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਅਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ। ਇਸ ਮੌਕੇ ਅੰਮ੍ਰਿਤਪਾਲ ਸਿੰਘ ਪੱਤੋਂ ਨੇ ਕਿਹਾ ਕਿ ਉਹ ਸੁਖਬੀਰ ਸਿੰਘ ਬਾਦਲ ਵੱਲੋਂ ਪੀੜਤ ਕਿਸਾਨਾਂ ਦੀ ਮਦਦ ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਅੱਜ ਲੋਕਾਂ ਦੇ ਦੁੱਖ-ਸੁੱਖ ਵਿੱਚ ਨਾਲ ਖੜ੍ਹਨ ਵਾਲੀ ਲੀਡਰਸ਼ਿਪ ਦੀ ਲੋੜ ਹੈ ਅਤੇ ਇਸੇ ਸੋਚ ਨਾਲ ਉਨ੍ਹਾਂ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਹੱਥ ਫੜਿਆ ਹੈ। ਪਾਰਟੀ ਆਗੂਆਂ ਨੇ ਵੀ ਵਿਸ਼ਵਾਸ ਜਤਾਇਆ ਕਿ ਨਵੇਂ ਪਰਿਵਾਰਾਂ ਦੀ ਸ਼ਮੂਲੀਅਤ ਨਾਲ ਇਲਾਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ।
