ਨਿਊਜ਼ ਪੰਜਾਬ
7 ਜੁਲਾਈ,2026
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਸਰਗਰਮ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਹੈਂਡ ਗ੍ਰਨੇਡ ਅਤੇ 12 ਪਿਸਤੌਲ ਬਰਾਮਦ ਕੀਤੇ ਗਏ ਹਨ। ਡੀਜੀਪੀ ਗੌਰਵ ਯਾਦਵ ਅਨੁਸਾਰ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਇੱਕ ਵਿਦੇਸ਼ੀ ਤਸਕਰ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ, ਜਿਸ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ISI ਅਤੇ ਵਿਦੇਸ਼ ਵਿੱਚ ਸਰਗਰਮ BKI ਸੰਚਾਲਕਾਂ ਦਾ ਸਮਰਥਨ ਪ੍ਰਾਪਤ ਸੀ। ਜਾਂਚ ਏਜੰਸੀਆਂ ਦਾ ਮੰਨਣਾ ਹੈ ਕਿ ਇਹ ਹਥਿਆਰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਖ਼ਰਾਬ ਕਰਨ ਦੇ ਮਕਸਦ ਨਾਲ ਭੇਜੇ ਗਏ ਸਨ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ, ਵਿਸਫੋਟਕ ਪਦਾਰਥ ਐਕਟ ਅਤੇ ਭਾਰਤੀ ਨਿਆਂ ਸੰਹਿਤਾ (BNS) ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਪੂਰੇ ਨੈੱਟਵਰਕ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਲਈ ਤਫ਼ਤੀਸ਼ ਜਾਰੀ ਹੈ।
