ਨਿਊਜ਼ ਪੰਜਾਬ
ਅੰਮ੍ਰਿਤਸਰ, 8 ਜੁਲਾਈ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐਲਾਨ ਕੀਤਾ ਹੈ ਕਿ 14 ਜੁਲਾਈ, 2026 ਨੂੰ ਹਰੀਕੇ ਪੱਤਣ ਵਿਖੇ ਸਤਲੁਜ ਦਰਿਆ ਦੇ ਕੰਢੇ ਇੱਕ ਵਿਸ਼ੇਸ਼ ਧਾਰਮਿਕ ਇਕੱਠ ਕੀਤਾ ਜਾਵੇਗਾ, ਜਿਸ ਵਿੱਚ ਉਨ੍ਹਾਂ ਨਿਰਦੋਸ਼ ਸਿੱਖ ਨੌਜਵਾਨਾਂ ਦੀ ਸਦੀਵੀ ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ ਜਿਨ੍ਹਾਂ ਦਾ ਉਸ ਸਮੇਂ ਦੀ ਸਰਕਾਰ ਦੇ ਇਸ਼ਾਰੇ ‘ਤੇ ਪੁਲਿਸ ਵੱਲੋਂ ਕਤਲੇਆਮ ਕੀਤਾ ਗਿਆ ਸੀ, ਅਤੇ ਜਿਨ੍ਹਾਂ ਦੇ ਕੇਸ ਭਾਈ ਜਸਵੰਤ ਸਿੰਘ ਖਾਲੜਾ ਨੇ ਸਾਹਮਣੇ ਲਿਆਂਦੇ ਸਨ। ਇਹ ਇਕੱਠ ਪ੍ਰਭਾਵਿਤ ਪਰਿਵਾਰਾਂ ਲਈ ਇਨਸਾਫ਼ ਲਈ ਵੀ ਅਰਦਾਸ ਕਰੇਗਾ।
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ, ਅੱਜ ਤੱਕ, ਪੰਜਾਬ ਵਿੱਚ ਸਰਕਾਰੀ ਅਤੇ ਪੁਲਿਸ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਨਿਰਦੋਸ਼ ਨੌਜਵਾਨਾਂ, ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਕੋਈ ਸਮੂਹਿਕ ਅਰਦਾਸ ਨਹੀਂ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਬਹੁਤ ਸਾਰੀਆਂ ਦੁਖੀ ਮਾਵਾਂ ਅਤੇ ਭੈਣਾਂ ਨੂੰ ਅਜੇ ਵੀ ਨਹੀਂ ਪਤਾ ਕਿ ਉਨ੍ਹਾਂ ਦੇ ਪੁੱਤਰਾਂ ਅਤੇ ਭਰਾਵਾਂ ਨਾਲ ਕੀ ਹੋਇਆ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਪੰਜਾਬ ਵਿੱਚ ਜੋ ਵਾਪਰਿਆ, ਉਹ ਦੁਨੀਆ ਦੇ ਸਾਹਮਣੇ ਆਵੇ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲੇ
ਜਥੇਦਾਰ ਨੇ ਸਾਰੇ ਪੀੜਤ ਪਰਿਵਾਰਾਂ, ਮਾਵਾਂ, ਭੈਣਾਂ, ਭਰਾਵਾਂ, ਕਾਰਕੁਨਾਂ, ਵਕੀਲਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਖੁੱਲ੍ਹਾ ਸੱਦਾ ਦਿੱਤਾ।
ਉਹਨਾਂ ਆਖਿਆ ਕਿ 1984 ਵੇਲੇ ਅਤੇ ਬਾਅਦ ਦੇ ਦਹਾਕਿਆਂ ਦੌਰਾਨ ਹੋਈਆਂ ਸਰਕਾਰੀ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਲੋਕ ਅਤੇ ਜਿਨ੍ਹਾਂ ਲਈ ਭਾਈ ਜਸਵੰਤ ਸਿੰਘ ਖਾਲੜਾ ਨੇ ਸੰਘਰਸ਼ ਕੀਤਾ ਅਤੇ ਜਿਨ੍ਹਾਂ ਬੇਕਸੂਰ ਨੌਜਵਾਨਾਂ ਦੇ ਕਤਲ ਮਾਮਲਿਆਂ ਵਿੱਚ ਬੀਤੇ ਸਮੇਂ ਮੁਹਾਲੀ ਦੀ ਸੀ.ਬੀ.ਆਈ. ਅਦਾਲਤ ਵੱਲੋਂ ਪੁਲੀਸ ਅਧਿਕਾਰੀਆਂ ਨੂੰ ਸਜ਼ਾਵਾਂ ਦਿੱਤੀਆਂ ਗਈਆਂ ਹਨ, ਉਨ੍ਹਾਂ ਦੇ ਪਰਿਵਾਰ ਵੀ ਇਸ ਸਮਾਗਮ ਵਿੱਚ ਜ਼ਰੂਰ ਸ਼ਾਮਲ ਹੋਣ। ਉਨ੍ਹਾਂ ਸੱਦਾ ਦਿੱਤਾ ਕਿ ਆਓ ਸਮੂਹ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਸੰਗਤੀ ਰੂਪ ਵਿੱਚ ਗੁਰਬਾਣੀ ਦਾ ਜਾਪ, ਕੀਰਤਨ ਅਤੇ ਅਰਦਾਸ ਕਰੀਏ ਅਤੇ ਅਕਾਲ ਪੁਰਖ ਅੱਗੇ ਬੇਨਤੀ ਕਰੀਏ ਕਿ ਉਹ ਪੀੜਤ ਪਰਿਵਾਰਾਂ ਨੂੰ ਇਨਸਾਫ਼ ਪ੍ਰਾਪਤ ਕਰਨ ਦਾ ਬਲ ਬਖ਼ਸ਼ਣ।
ਜਥੇਦਾਰ ਗੜਗੱਜ ਨੇ ਕਿਹਾ ਕਿ 14 ਜੁਲਾਈ ਨੂੰ ਸ਼ਾਮ ਵੇਲੇ 6 ਵਜੇ ਦਰਿਆ ਸਤਲੁਜ ਦੇ ਕੰਢੇ ਹਰੀਕੇ ਪੱਤਣ ‘ਤੇ, ਜਿੱਥੇ ਕਤਲ ਕੀਤੇ ਗਏ ਬੇਕਸੂਰ ਨੌਜਵਾਨਾਂ ਦੀਆਂ ਲਾਸ਼ਾਂ ਦਰਿਆ ਵਿੱਚ ਰੋੜ੍ਹੇ ਜਾਣ ਦੀ ਗੱਲ ਸਾਹਮਣੇ ਆਈ ਸੀ, ਵਿਖੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ। ਜਿਸ ਤਹਿਤ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਸ਼ੋਭਿਤ ਕਰਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਅਤੇ ਅਰਦਾਸ ਕੀਤੀ ਜਾਵੇਗੀ।

