ਨਿਊਜ਼ ਪੰਜਾਬ
9 ਜੁਲਾਈ,2026
ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਖਾਲੜਾ ਕਤਲ ਕੇਸ ਨਾਲ ਜੁੜੀ ਇੱਕ ਹੋਰ ਅਹਿਮ ਖ਼ਬਰ ਸਾਹਮਣੇ ਆਈ ਹੈ। ਨਾਭਾ ਜੇਲ੍ਹ ਪ੍ਰਸ਼ਾਸਨ ਨੇ ਇਸ ਮਾਮਲੇ ਦੇ ਮੁੱਖ ਦੋਸ਼ੀ ਸਾਬਕਾ ਡੀਐੱਸਪੀ ਜਸਪਾਲ ਸਿੰਘ ਨੂੰ ਲੱਭਣ ਦੇ ਹੁਕਮ ਜਾਰੀ ਕੀਤੇ ਹਨ। ਜਸਪਾਲ ਸਿੰਘ ਮਈ 2023 ਤੋਂ ਜ਼ਮਾਨਤ ‘ਤੇ ਬਾਹਰ ਹੈ, ਜਿਸ ਨੂੰ ਅਦਾਲਤੀ ਹੁਕਮਾਂ ਤਹਿਤ ਨਿੱਜੀ ਮੁਚਲਕੇ ‘ਤੇ ਰਿਹਾਅ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਉਸ ਦੀ ਸਜ਼ਾ ਮੁਆਫ਼ੀ ਲਈ ਭੇਜੇ ਪ੍ਰਸਤਾਵ ‘ਤੇ ਰਾਜਪਾਲ ਵੱਲੋਂ ਕੋਈ ਫ਼ੈਸਲਾ ਨਾ ਆਉਣ ਕਾਰਨ ਹਾਈ ਕੋਰਟ ਦੇ ਇੱਕ ਫ਼ੈਸਲੇ ਦੇ ਆਧਾਰ ‘ਤੇ ਉਸ ਨੂੰ ਜ਼ਮਾਨਤ ਮਿਲੀ ਸੀ। ਇਸ ਕੇਸ ਵਿੱਚ ਜਸਪਾਲ ਸਿੰਘ ਵੱਲੋਂ ਪਹਿਲਾਂ ਵੀ ਪੈਰੋਲ ਅਤੇ ਸਜ਼ਾ ਮੁਆਫ਼ੀ ਲਈ ਕਈ ਕਾਨੂੰਨੀ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ, ਪਰ ਵੱਖ-ਵੱਖ ਪੜਾਵਾਂ ‘ਤੇ ਉਨ੍ਹਾਂ ਨੂੰ ਰਾਹਤ ਨਹੀਂ ਮਿਲ ਸਕੀ। ਜ਼ਿਕਰਯੋਗ ਹੈ ਕਿ 1995 ਵਿੱਚ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਅਗਵਾ ਅਤੇ ਕਤਲ ਦੇ ਮਾਮਲੇ ਵਿੱਚ 2005 ਵਿੱਚ ਸੀਬੀਆਈ ਅਦਾਲਤ ਨੇ ਜਸਪਾਲ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ, ਜਿਸ ਨੂੰ ਬਾਅਦ ਵਿੱਚ ਹਾਈ ਕੋਰਟ ਨੇ ਵੀ ਬਰਕਰਾਰ ਰੱਖਿਆ। ਹੁਣ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਨੂੰ ਲੱਭਣ ਲਈ ਜਾਰੀ ਕੀਤੇ ਗਏ ਹੁਕਮਾਂ ਨੇ ਇਸ ਸੰਵੇਦਨਸ਼ੀਲ ਮਾਮਲੇ ਨੂੰ ਇੱਕ ਵਾਰ ਫਿਰ ਚਰਚਾ ਦੇ ਕੇਂਦਰ ਵਿੱਚ ਲਿਆ ਦਿੱਤਾ ਹੈ।
