ਤਰਨ ਤਾਰਨ ਪੁਲਿਸ ‘ਚ ਹੜਕੰਪ! ਐਡੀਸ਼ਨਲ ਐੱਸ.ਐੱਚ.ਓ. 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਨਿਊਜ਼ ਪੰਜਾਬ

9 ਜੁਲਾਈ 2026

ਤਰਨ ਤਾਰਨ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਆਪਣੇ ਹੀ ਵਿਭਾਗ ਦੇ ਇੱਕ ਅਧਿਕਾਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਥਾਣਾ ਖਾਲੜਾ ਵਿੱਚ ਐਡੀਸ਼ਨਲ ਐੱਸ.ਐੱਚ.ਓ. ਵਜੋਂ ਤਾਇਨਾਤ ਸਬ ਇੰਸਪੈਕਟਰ ਸਾਹਿਬ ਸਿੰਘ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ। ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਟੀਮ ਨੇ ਐੱਸ.ਪੀ. (ਡੀ) ਰਿਪੁਤਪਨ ਸਿੰਘ ਦੀ ਅਗਵਾਈ ਹੇਠ ਗੁਪਤ ਸੂਚਨਾ ਦੇ ਆਧਾਰ ‘ਤੇ ਝਬਾਲ ਨੇੜਲੇ ਪਿੰਡ ਮੱਝੂਪੁਰ ਵਿੱਚ ਛਾਪੇਮਾਰੀ ਕੀਤੀ, ਜਿੱਥੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਅਧਿਕਾਰੀ ਨੂੰ ਸੀ.ਆਈ.ਏ. ਸਟਾਫ਼ ਆਪਣੇ ਨਾਲ ਲੈ ਗਿਆ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਨੇ ਪੁਲਿਸ ਮਹਿਕਮੇ ਵਿੱਚ ਹੜਕੰਪ ਮਚਾ ਦਿੱਤਾ ਹੈ ਅਤੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਇਹ ਇੱਕ ਵੱਡੀ ਕਾਰਵਾਈ ਮੰਨੀ ਜਾ ਰਹੀ ਹੈ।