ਪੰਜਾਬ ‘ਚ ਅਗਲੇ 3 ਦਿਨ ਮੀਂਹ ਦੀ ਸੰਭਾਵਨਾ, 13 ਜੁਲਾਈ ਤੋਂ ਮੁੜ ਵਧੇਗੀ ਗਰਮੀ

ਨਿਊਜ਼ ਪੰਜਾਬ

10 ਜੁਲਾਈ,2026

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਮੌਸਮ ਨੂੰ ਲੈ ਕੇ ਅਹਿਮ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਦੇ ਅਨੁਸਾਰ ਅੱਜ ਸੂਬੇ ਦੇ 21 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਕੁਝ ਰਾਹਤ ਮਿਲ ਸਕਦੀ ਹੈ। ਵਿਭਾਗ ਨੇ ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ (ਰੋਪੜ), ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਲੁਧਿਆਣਾ, ਹੁਸ਼ਿਆਰਪੁਰ, ਮੋਹਾਲੀ ਅਤੇ ਚੰਡੀਗੜ੍ਹ ਸਮੇਤ ਕਈ ਇਲਾਕਿਆਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੋਹਾਲੀ ਅਤੇ ਚੰਡੀਗੜ੍ਹ ਵਿੱਚ ਬੀਤੀ ਰਾਤ ਤੋਂ ਹੀ ਬਾਰਿਸ਼ ਦਾ ਸਿਲਸਿਲਾ ਜਾਰੀ ਹੈ, ਜਿਸ ਕਾਰਨ ਤਾਪਮਾਨ ਵਿੱਚ ਵੀ ਕਮੀ ਦਰਜ ਕੀਤੀ ਗਈ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਨਹੀਂ ਪਿਆ, ਪਰ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 5.5 ਡਿਗਰੀ ਘੱਟ ਦਰਜ ਕੀਤਾ ਗਿਆ। ਦੂਜੇ ਪਾਸੇ ਫਰੀਦਕੋਟ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 42.4 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ 10 ਤੋਂ 12 ਜੁਲਾਈ ਤੱਕ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਬਾਰਿਸ਼ ਦੀ ਗਤੀਵਿਧੀ ਜਾਰੀ ਰਹੇਗੀ, ਪਰ 13 ਜੁਲਾਈ ਤੋਂ ਮਾਨਸੂਨ ਦੀ ਰਫ਼ਤਾਰ ਕਮਜ਼ੋਰ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਮੀਂਹ ਵਿੱਚ ਕਮੀ ਆਵੇਗੀ, ਮੌਸਮ ਮੁੜ ਖੁਸ਼ਕ ਹੋਵੇਗਾ ਅਤੇ ਦਿਨ ਦੇ ਤਾਪਮਾਨ ਵਿੱਚ ਹੌਲੀ-ਹੌਲੀ ਵਾਧਾ ਹੋ ਸਕਦਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਬਦਲਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਵਧਾਨ ਰਹਿਣ ਅਤੇ ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ।