ਨਿਊਜ਼ ਪੰਜਾਬ
12 ਜੁਲਾਈ 2026
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਅਗਵਾਈ ਹੇਠ 13 ਜੁਲਾਈ ਨੂੰ ਪੰਜਾਬ ਭਰ ਤੋਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਵੱਡਾ ਮੋਟਰਸਾਈਕਲ ਮਾਰਚ ਕਰਨਗੇ। ਮੋਹਾਲੀ ਦੇ ਨੇਚਰ ਪਾਰਕ ਤੋਂ ਸਵੇਰੇ 11 ਵਜੇ ਸ਼ੁਰੂ ਹੋਣ ਵਾਲੇ ਇਸ ਮਾਰਚ ਦੌਰਾਨ ਕਿਸਾਨ ਮੰਗਾਂ ਵਾਲੀਆਂ ਟੀ-ਸ਼ਰਟਾਂ ਪਹਿਨ ਕੇ ਅਨੁਸ਼ਾਸਨਬੱਧ ਢੰਗ ਨਾਲ ਚੰਡੀਗੜ੍ਹ ਵੱਲ ਰਵਾਨਾ ਹੋਣਗੇ। ਸੈਕਟਰ-34 ਵਿੱਚ ਪੰਜਾਬ ਦੇ ਮੁੱਖ ਮੰਤਰੀ ਅਤੇ ਰਾਜਪਾਲ ਰਾਹੀਂ ਪ੍ਰਧਾਨ ਮੰਤਰੀ ਦੇ ਨਾਮ ਮੰਗ-ਪੱਤਰ ਸੌਂਪੇ ਜਾਣਗੇ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕੇਂਦਰ ਸਰਕਾਰ ਦੇ ਸੰਭਾਵਿਤ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ (FTA) ਅਤੇ ਪੰਜਾਬ ਦੇ ਦਰਿਆਈ ਪਾਣੀਆਂ ਦੇ ਮੁੱਦੇ ‘ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਜੇਕਰ ਕਿਸਾਨਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਦੇਸ਼ ਪੱਧਰ ‘ਤੇ ਇੱਕ ਹੋਰ ਵੱਡੇ ਕਿਸਾਨ ਅੰਦੋਲਨ ਦੀ ਸ਼ੁਰੂਆਤ ਹੋ ਸਕਦੀ ਹੈ।
