ਨਿਊਜ਼ ਪੰਜਾਬ
13 ਜੁਲਾਈ,2026
ਪਰਮਜੀਤ ਕੌਰ ਖਾਲੜਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕਰਦਿਆਂ 1980 ਅਤੇ 1990 ਦੇ ਦਹਾਕਿਆਂ ਦੌਰਾਨ ਲਾਪਤਾ ਹੋਏ ਲੋਕਾਂ ਅਤੇ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਦੀ ਸੱਚਾਈ ਸਾਹਮਣੇ ਲਿਆਉਣ ਲਈ ਲੋਕ ਕਮਿਸ਼ਨ ਦੇ ਗਠਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰੀਕੇ ਪੱਤਣ ਵਿਖੇ ਹੋਣ ਵਾਲੇ ਅਰਦਾਸ ਸਮਾਗਮ ਰਾਹੀਂ ਇਨਸਾਫ਼ ਅਤੇ ਜਵਾਬਦੇਹੀ ਦੀ ਮੰਗ ਨੂੰ ਹੋਰ ਮਜ਼ਬੂਤੀ ਮਿਲੇਗੀ। ਬੀਬੀ ਖਾਲੜਾ ਨੇ ਤਿੰਨ ਮੁੱਖ ਮੰਗਾਂ ਰੱਖਦਿਆਂ ਕਿਹਾ ਕਿ ਲਾਪਤਾ ਲੋਕਾਂ ਅਤੇ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰੇ ਗਏ ਲੋਕਾਂ ਦੀ ਅਸਲ ਗਿਣਤੀ ਸਾਹਮਣੇ ਲਿਆਂਦੀ ਜਾਵੇ, ਅਣਪਛਾਤੀਆਂ ਲਾਸ਼ਾਂ ਦੇ ਮਾਮਲੇ ਨੂੰ ਯੋਗ ਸਨਮਾਨ ਮਿਲੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਪੀੜਤ ਪਰਿਵਾਰਾਂ ਨੂੰ ਮਾਲੀ ਸਹਾਇਤਾ ਪ੍ਰਦਾਨ ਕਰੇ। ਉਨ੍ਹਾਂ ਨੇ ਸਿੱਖ ਪੰਥ ਅਤੇ ਮਨੁੱਖੀ ਹੱਕਾਂ ਵਿੱਚ ਵਿਸ਼ਵਾਸ ਰੱਖਣ ਵਾਲੇ ਲੋਕਾਂ ਨੂੰ ਸੱਚ ਅਤੇ ਇਨਸਾਫ਼ ਦੀ ਇਸ ਮੁਹਿੰਮ ਵਿੱਚ ਸਾਥ ਦੇਣ ਦੀ ਅਪੀਲ ਵੀ ਕੀਤੀ।
