ਪੰਜਾਬ ‘ਚ ਗਰਮੀ ਤੇ ਮੀਂਹ ਦਾ ਡਬਲ ਅਸਰ !8 ਜ਼ਿਲ੍ਹਿਆਂ ਲਈ ਯੈਲੋ ਅਲਰਟ, 20 ਜੁਲਾਈ ਨੂੰ ਭਾਰੀ ਬਾਰਿਸ਼ ਦੀ ਚੇਤਾਵਨੀ

ਨਿਊਜ਼ ਪੰਜਾਬ

17 ਜੁਲਾਈ,2026

ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈ ਰਿਹਾ ਹੈ। ਇੱਕ ਪਾਸੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਦੂਜੇ ਪਾਸੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਸਮੇਤ 8 ਜ਼ਿਲ੍ਹਿਆਂ ਲਈ ਹੁੰਮਸ ਭਰੀ ਗਰਮੀ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਵੀ ਜਤਾਈ ਗਈ ਹੈ। ਮੌਸਮ ਵਿਭਾਗ ਅਨੁਸਾਰ 18 ਜੁਲਾਈ ਨੂੰ ਵੀ ਇਨ੍ਹਾਂ ਅੱਠ ਜ਼ਿਲ੍ਹਿਆਂ ਵਿੱਚ ਹੁੰਮਸ ਭਰੀ ਗਰਮੀ ਦਾ ਅਸਰ ਜਾਰੀ ਰਹੇਗਾ, ਜਦਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਸਮੇਤ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 19 ਜੁਲਾਈ ਨੂੰ ਭਾਵੇਂ ਕੋਈ ਅਧਿਕਾਰਤ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਣ ਦੇ ਆਸਾਰ ਹਨ। ਇਸ ਤੋਂ ਬਾਅਦ 20 ਜੁਲਾਈ ਨੂੰ ਮੌਸਮ ਹੋਰ ਸਰਗਰਮ ਹੋਣ ਦੀ ਸੰਭਾਵਨਾ ਹੈ ਅਤੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਲਈ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਮੀਂਹ ਪੈ ਸਕਦਾ ਹੈ। ਇਸੇ ਦੌਰਾਨ ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜੋ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਰਿਹਾ। ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ ‘ਤੇ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਸਮੇਂ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ, ਵੱਧ ਤੋਂ ਵੱਧ ਪਾਣੀ ਪੀਣ ਅਤੇ ਭਾਰੀ ਮੀਂਹ ਵਾਲੇ ਇਲਾਕਿਆਂ ਵਿੱਚ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।