ਨਿਊਜ਼ ਪੰਜਾਬ
18 ਜੁਲਾਈ,2026
ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ‘ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਉਸ ਵੇਲੇ ਹਲਚਲ ਮਚ ਗਈ ਜਦੋਂ 21 ਦਿਨਾਂ ਤੋਂ ਭੁੱਖ ਹੜਤਾਲ ਕਰ ਰਹੇ ਸਮਾਜਿਕ ਕਾਰਕੁਨ ਅਤੇ ਸਿੱਖਿਆਵਿਦ ਸੋਨਮ ਵਾਂਗਚੁਕ ਨੂੰ ਦਿੱਲੀ ਪੁਲਿਸ ਵੱਲੋਂ ਸਫ਼ਦਰਜੰਗ ਹਸਪਤਾਲ ਦਾਖ਼ਲ ਕਰਵਾਇਆ ਗਿਆ। ਲਗਾਤਾਰ ਭੁੱਖ ਹੜਤਾਲ ਕਾਰਨ ਉਨ੍ਹਾਂ ਦੀ ਸਿਹਤ ਬੁਰੀ ਤਰ੍ਹਾਂ ਵਿਗੜ ਗਈ ਸੀ ਅਤੇ ਉਨ੍ਹਾਂ ਦਾ ਭਾਰ ਵੀ ਕਰੀਬ ਸਾਢੇ 9 ਕਿਲੋਗ੍ਰਾਮ ਤੋਂ ਵੱਧ ਘਟ ਗਿਆ ਸੀ। ਇਸ ਕਾਰਵਾਈ ਦੌਰਾਨ ਜੰਤਰ-ਮੰਤਰ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਅਤੇ ਪ੍ਰਦਰਸ਼ਨਕਾਰੀਆਂ ਨੂੰ ਵੀ ਉੱਥੋਂ ਹਟਾ ਦਿੱਤਾ ਗਿਆ। ਰਿਪੋਰਟਾਂ ਅਨੁਸਾਰ ਨਵੇਂ ਪੁਲਿਸ ਕਮਿਸ਼ਨਰ ਅਨੁਰਾਗ ਕੁਮਾਰ ਨੇ ਦੇਰ ਰਾਤ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਸਵੇਰੇ ਤੜਕੇ ਕਾਰਵਾਈ ਦੇ ਹੁਕਮ ਦਿੱਤੇ। ਦਿੱਲੀ ਪੁਲਿਸ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ਅਤੇ ਡਾਕਟਰੀ ਮਾਹਿਰਾਂ ਦੀ ਸਲਾਹ ਦੇ ਆਧਾਰ ‘ਤੇ ਸੋਨਮ ਵਾਂਗਚੁਕ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਣਾ ਜ਼ਰੂਰੀ ਸੀ। ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਕਾਰਵਾਈ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਨੇ ਵਿਰੋਧ ਕੀਤਾ, ਜਿਸ ਕਾਰਨ ਥੋੜ੍ਹੀ ਦੇਰ ਲਈ ਹਫੜਾ-ਦਫੜੀ ਦਾ ਮਾਹੌਲ ਬਣਿਆ, ਪਰ ਸਥਿਤੀ ਨੂੰ ਸ਼ਾਂਤੀਪੂਰਵਕ ਕਾਬੂ ਕਰ ਲਿਆ ਗਿਆ। ਦੂਜੇ ਪਾਸੇ, ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਪੁਲਿਸ ਨੇ ਸਵੇਰੇ ਅਚਾਨਕ ਪਹੁੰਚ ਕੇ ਸੋਨਮ ਵਾਂਗਚੁਕ ਨੂੰ ਆਪਣੇ ਨਾਲ ਲੈ ਗਈ। ਦੱਸਿਆ ਜਾ ਰਿਹਾ ਹੈ ਕਿ 20 ਜੁਲਾਈ ਨੂੰ ਵੱਡੇ ਪ੍ਰਦਰਸ਼ਨ ਦੀ ਤਿਆਰੀ ਕੀਤੀ ਜਾ ਰਹੀ ਸੀ ਅਤੇ ਸੰਸਦ ਦੇ ਮਾਨਸੂਨ ਸੈਸ਼ਨ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਇਸ ਵੇਲੇ ਸੋਨਮ ਵਾਂਗਚੁਕ ਸਫ਼ਦਰਜੰਗ ਹਸਪਤਾਲ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਹਨ, ਜਦਕਿ ਜੰਤਰ-ਮੰਤਰ ਇਲਾਕੇ ਵਿੱਚ ਪੁਲਿਸ ਦੀ ਤਾਇਨਾਤੀ ਜਾਰੀ ਹੈ।
