ਦਿੱਲੀ ਪੁਲਿਸ ਵੱਲੋਂ ਸੋਨਮ ਵਾਂਗਚੁਕ ਹਸਪਤਾਲ ਦਾਖਲ, ਅਭਿਜੀਤ ਦੀਪਕੇ ਨੇ ਭੁੱਖ ਹੜਤਾਲ ਕੀਤੀ ਸ਼ੁਰੂ

ਨਿਊਜ਼ ਪੰਜਾਬ

18 ਜੁਲਾਈ,2026

ਜੰਤਰ-ਮੰਤਰ ਵਿਖੇ ਲੰਬੇ ਸਮੇਂ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਕਰ ਰਹੇ ਪ੍ਰਸਿੱਧ ਸਮਾਜ ਸੇਵੀ ਅਤੇ ਵਾਤਾਵਰਣ ਪ੍ਰੇਮੀ ਸੋਨਮ ਵਾਂਗਚੁਕ ਦੀ ਸਿਹਤ 21ਵੇਂ ਦਿਨ ਅਚਾਨਕ ਵਿਗੜ ਜਾਣ ਕਾਰਨ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਸਫਦਰਜੰਗ ਹਸਪਤਾਲ ਵਿੱਚ ਦਾਖਲ ਕਰਵਾਇਆ। ਦਿੱਲੀ ਪੁਲਿਸ ਨੇ ਸਪੱਸ਼ਟ ਕੀਤਾ ਕਿ ਇਹ ਕਾਰਵਾਈ ਡਾਕਟਰਾਂ ਦੀ ਸਲਾਹ ਅਤੇ ਦਿੱਲੀ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਲੋੜੀਂਦਾ ਇਲਾਜ ਮਿਲ ਸਕੇ। ਹਸਪਤਾਲ ਦੇ ਅਧਿਕਾਰੀਆਂ ਅਨੁਸਾਰ ਵਾਂਗਚੁਕ ਇਸ ਵੇਲੇ ਡਾਕਟਰਾਂ ਦੀ ਨਿਗਰਾਨੀ ਹੇਠ ਹਨ ਅਤੇ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਇਸ ਪੁਲਿਸ ਕਾਰਵਾਈ ਤੋਂ ਬਾਅਦ ਜੰਤਰ-ਮੰਤਰ ‘ਤੇ ਮਾਹੌਲ ਕਾਫ਼ੀ ਤਣਾਅਪੂਰਨ ਹੋ ਗਿਆ। ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਤੇ ਪ੍ਰਧਾਨ ਅਭਿਜੀਤ ਦੀਪਕੇ ਨੇ ਇਸ ਨੂੰ ਲੋਕਤੰਤਰ ‘ਤੇ ਹਮਲਾ ਕਰਾਰ ਦਿੰਦਿਆਂ ਤੁਰੰਤ ਅਣਮਿੱਥੇ ਸਮੇਂ ਲਈ ਆਪਣੀ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ। ਸਟੇਜ ਤੋਂ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਹ ਭਾਵੁਕ ਹੋ ਗਏ ਅਤੇ ਰੋ ਪਏ। ਉਨ੍ਹਾਂ ਦੀਆਂ ਅੱਖਾਂ ਵਿੱਚ ਹੰਝੂ ਆ ਗਏ, ਜਿਸ ਤੋਂ ਬਾਅਦ ਉਨ੍ਹਾਂ ਦੇ ਸਾਥੀਆਂ ਨੇ ਉਨ੍ਹਾਂ ਨੂੰ ਸੰਭਾਲਿਆ ਅਤੇ ਹੌਸਲਾ ਦਿੱਤਾ। ਦੀਪਕੇ ਨੇ ਕਿਹਾ ਕਿ ਇਹ ਅੰਦੋਲਨ ਹੁਣ ਹੋਰ ਵੱਡਾ ਰੂਪ ਧਾਰੇਗਾ ਅਤੇ ਉਹ ਕਿਸੇ ਵੀ ਹਾਲਤ ਵਿੱਚ ਪਿੱਛੇ ਨਹੀਂ ਹਟਣਗੇ। ਉਨ੍ਹਾਂ ਨੇ ਦੇਸ਼ ਦੇ ਲੋਕਾਂ ਨੂੰ ਜੰਤਰ-ਮੰਤਰ ਪਹੁੰਚ ਕੇ ਅੰਦੋਲਨ ਦਾ ਸਮਰਥਨ ਕਰਨ ਅਤੇ 20 ਜੁਲਾਈ ਨੂੰ ਹੋਣ ਵਾਲੇ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਦਿੱਲੀ ਪੁਲਿਸ ਨੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਨਾਲ ਸਖ਼ਤੀ ਕੀਤੀ, ਉਨ੍ਹਾਂ ‘ਤੇ ਤਾਕਤ ਦੀ ਵਰਤੋਂ ਕੀਤੀ ਅਤੇ ਕਈ ਲੋਕਾਂ ਨੂੰ ਹਿਰਾਸਤ ਵਿੱਚ ਵੀ ਲਿਆ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਇਸ ਲੜਾਈ ਨੂੰ ਲੋਕਾਂ ਦੇ ਅਧਿਕਾਰਾਂ ਅਤੇ ਇਨਸਾਫ਼ ਲਈ ਜਾਰੀ ਰੱਖਣਗੇ। ਦੂਜੇ ਪਾਸੇ ਦਿੱਲੀ ਪੁਲਿਸ ਨੇ ਦੁਹਰਾਇਆ ਕਿ ਉਨ੍ਹਾਂ ਦਾ ਮਕਸਦ ਸਿਰਫ਼ ਸੋਨਮ ਵਾਂਗਚੁਕ ਦੀ ਜਾਨ ਬਚਾਉਣਾ ਅਤੇ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣਾ ਸੀ। ਇਸ ਘਟਨਾ ਨੇ ਦੇਸ਼ ਭਰ ਵਿੱਚ ਚਰਚਾ ਛੇੜ ਦਿੱਤੀ ਹੈ ਅਤੇ ਜੰਤਰ-ਮੰਤਰ ‘ਤੇ ਚੱਲ ਰਹੇ ਅੰਦੋਲਨ ਨੂੰ ਇੱਕ ਨਵਾਂ ਮੋੜ ਦੇ ਦਿੱਤਾ ਹੈ ਮਲ।