ਨਿਊਜ਼ ਪੰਜਾਬ
19 ਜੁਲਾਈ,2026
ਦੇਸ਼ ਬਚਾਓ ਮੋਰਚੇ ਨੇ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ ਵਿਖੇ ਭਾਰਤ-ਅਮਰੀਕਾ ਵਿਆਪਕ ਵਪਾਰਕ ਸਮਝੌਤੇ ਦੇ ਵਿਰੋਧ ਵਿੱਚ ਵੱਡੀ ਮਹਾਂ ਰੈਲੀ ਕਰਨ ਦਾ ਐਲਾਨ ਕੀਤਾ ਹੈ। ਇਸ ਰੈਲੀ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਓਡੀਸ਼ਾ ਸਮੇਤ ਕਈ ਸੂਬਿਆਂ ਤੋਂ ਹਜ਼ਾਰਾਂ ਕਿਸਾਨ, ਮਜ਼ਦੂਰ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸੈਂਕੜੇ ਬੱਸਾਂ ਅਤੇ ਕਾਫ਼ਲੇ ਦਿੱਲੀ ਲਈ ਰਵਾਨਾ ਹੋਣਗੇ। ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਪ੍ਰਸਤਾਵਿਤ ਵਪਾਰਕ ਸਮਝੌਤੇ ਨਾਲ ਮੱਕੀ, ਸੋਇਆਬੀਨ, ਕਪਾਹ, ਸੇਬ, ਨਾਸ਼ਪਾਤੀ, ਡਰਾਈ ਫਰੂਟ ਅਤੇ ਹੋਰ ਖੇਤੀ ਉਤਪਾਦਾਂ ‘ਤੇ ਗੰਭੀਰ ਅਸਰ ਪੈ ਸਕਦਾ ਹੈ, ਜਿਸ ਨਾਲ ਕਿਸਾਨਾਂ ਦੀ ਆਮਦਨ ਅਤੇ ਦੇਸ਼ ਦੀ ਖੇਤੀ ਆਰਥਿਕਤਾ ਪ੍ਰਭਾਵਿਤ ਹੋਣ ਦਾ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਖੇਤੀ ਨਾਲ ਹੀ ਨਹੀਂ, ਸਗੋਂ ਦੇਸ਼ ਦੇ ਹੋਰ ਆਰਥਿਕ ਖੇਤਰਾਂ ਨਾਲ ਵੀ ਜੁੜਿਆ ਮਹੱਤਵਪੂਰਨ ਮੁੱਦਾ ਹੈ। ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਲੋਕਤੰਤਰਿਕ ਹੱਕਾਂ ਦਾ ਸਤਿਕਾਰ ਕਰਦਿਆਂ ਸ਼ਾਂਤਮਈ ਪ੍ਰਦਰਸ਼ਨ ਵਿੱਚ ਕੋਈ ਰੁਕਾਵਟ ਨਾ ਪਾਈ ਜਾਵੇ, ਕਿਉਂਕਿ ਆਪਣੀ ਗੱਲ ਸ਼ਾਂਤੀਪੂਰਵਕ ਢੰਗ ਨਾਲ ਰੱਖਣਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ।
