ਨਿਊਜ਼ ਪੰਜਾਬ
21 ਜੁਲਾਈ,2026
ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ ਵਿਖੇ ਹੋਣ ਜਾ ਰਹੀ ਹੈ। ਇਸ ਬੈਠਕ ਨੂੰ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਆਮ ਆਦਮੀ ਪਾਰਟੀ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਇਹ ਆਖਰੀ ਮਾਨਸੂਨ ਸੈਸ਼ਨ ਹੋਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਮੀਟਿੰਗ ਦੌਰਾਨ ਪ੍ਰਸ਼ਾਸਨਿਕ ਸੁਧਾਰਾਂ, ਲੋਕ ਭਲਾਈ ਨਾਲ ਸਬੰਧਤ ਯੋਜਨਾਵਾਂ ਅਤੇ ਹੋਰ ਕਈ ਮਹੱਤਵਪੂਰਨ ਮਾਮਲਿਆਂ ‘ਤੇ ਫ਼ੈਸਲੇ ਲਏ ਜਾਣਗੇ।

ਸੂਤਰਾਂ ਅਨੁਸਾਰ ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਦੇ ਆਗਾਮੀ ਮਾਨਸੂਨ ਸੈਸ਼ਨ ਵਿੱਚ ਉਠਾਏ ਜਾਣ ਵਾਲੇ ਮੁੱਦਿਆਂ ‘ਤੇ ਪਹਿਲਾਂ ਹੀ ਵੱਖ-ਵੱਖ ਵਿਭਾਗਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ, 2026 ਵਿੱਚ ਸੋਧ ਲਿਆਉਣ ਦਾ ਪ੍ਰਸਤਾਵ ਵੀ ਏਜੰਡੇ ਵਿੱਚ ਸ਼ਾਮਲ ਹੋ ਸਕਦਾ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਬੈਠਕ ਨੂੰ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਪੱਖੋਂ ਵੀ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਹੋਈ ਕੈਬਨਿਟ ਮੀਟਿੰਗ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੁਝ ਖੇਤਰਾਂ ਵਿੱਚ ਏਡੀਸੀ ਦੀ ਨਿਯੁਕਤੀ ਸਮੇਤ ਕਈ ਮਹੱਤਵਪੂਰਨ ਫ਼ੈਸਲੇ ਕੀਤੇ ਗਏ ਸਨ। ਇਸ ਵਾਰ ਵੀ ਜਨਹਿਤ ਨਾਲ ਜੁੜੇ ਕਈ ਨਵੇਂ ਐਲਾਨਾਂ ਅਤੇ 3 ਅਗਸਤ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੰਜਾਬ ਦੀ ਸਿਆਸਤ ਅਤੇ ਪ੍ਰਸ਼ਾਸਨ ਲਈ ਇਹ ਬੈਠਕ ਅਹਿਮ ਦਿਸ਼ਾ ਤੈਅ ਕਰਨ ਵਾਲੀ ਸਾਬਤ ਹੋ ਸਕਦੀ ਹੈ।
