ਸ਼ੰਭੂ ਬਾਰਡਰ ‘ਤੇ ਕਿਸਾਨਾਂ ਦਾ ਵੱਡਾ ਇਕੱਠ, ਦਿੱਲੀ ਕੂਚ ਤੋਂ ਪਹਿਲਾਂ ਵਧਿਆ ਤਣਾਅ

ਨਿਊਜ਼ ਪੰਜਾਬ

21 ਜੁਲਾਈ,2026

ਸ਼ੰਭੂ ਬਾਰਡਰ ‘ਤੇ ਅੱਜ ਇੱਕ ਵਾਰ ਫਿਰ ਕਿਸਾਨਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ ਕੂਚ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਕਿਸਾਨ ਟਰੈਕਟਰ-ਟਰਾਲੀਆਂ ਅਤੇ ਹੱਥਾਂ ਵਿੱਚ ਝੰਡੇ ਲੈ ਕੇ ਸ਼ੰਭੂ ਬਾਰਡਰ ਵੱਲ ਰਵਾਨਾ ਹੋ ਰਹੇ ਹਨ। ਇਹ ਅੰਦੋਲਨ ਭਾਰਤ-ਅਮਰੀਕਾ ਵਿਚਕਾਰ ਪ੍ਰਸਤਾਵਿਤ ਮੁਕਤ ਵਪਾਰ ਸਮਝੌਤੇ (FTA) ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਇਹ ਸਮਝੌਤਾ ਲਾਗੂ ਹੋਇਆ ਤਾਂ ਸਸਤੇ ਵਿਦੇਸ਼ੀ ਖੇਤੀ ਅਤੇ ਡੇਅਰੀ ਉਤਪਾਦ ਭਾਰਤੀ ਬਾਜ਼ਾਰ ਵਿੱਚ ਆ ਜਾਣਗੇ, ਜਿਸ ਨਾਲ ਦੇਸ਼ ਦੇ ਕਿਸਾਨਾਂ, ਡੇਅਰੀ ਉਦਯੋਗ ਅਤੇ ਪਿੰਡਾਂ ਦੀ ਆਰਥਿਕਤਾ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ। ਉਨ੍ਹਾਂ ਦਾ ਦਾਅਵਾ ਹੈ ਕਿ ਇਸ ਨਾਲ ਕਿਸਾਨਾਂ ਦੀ ਆਮਦਨ ਅਤੇ ਰੋਜ਼ੀ-ਰੋਟੀ ‘ਤੇ ਗੰਭੀਰ ਅਸਰ ਪਵੇਗਾ। ਇਹ ਅੰਦੋਲਨ ਦੇਸ਼ ਬਚਾਓ ਮੋਰਚਾ ਦੇ ਸੱਦੇ ‘ਤੇ ਕੀਤਾ ਜਾ ਰਿਹਾ ਹੈ ਅਤੇ ਅੰਮ੍ਰਿਤਸਰ, ਗੁਰਦਾਸਪੁਰ ਸਮੇਤ ਪੰਜਾਬ ਦੇ ਕਈ ਇਲਾਕਿਆਂ ਤੋਂ ਕਿਸਾਨਾਂ ਦੇ ਕਾਫ਼ਲੇ ਲਗਾਤਾਰ ਸ਼ੰਭੂ ਬਾਰਡਰ ਪਹੁੰਚ ਰਹੇ ਹਨ। ਸਥਿਤੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਇਲਾਕੇ ਵਿੱਚ ਧਾਰਾ 163 ਲਾਗੂ ਕਰ ਦਿੱਤੀ ਹੈ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਦੰਗਾ-ਰੋਧੀ ਸਾਜ਼ੋ-ਸਾਮਾਨ ਨਾਲ ਲੈਸ ਸੁਰੱਖਿਆ ਕਰਮਚਾਰੀ ਹਰ ਗਤੀਵਿਧੀ ‘ਤੇ ਨਜ਼ਰ ਰੱਖ ਰਹੇ ਹਨ, ਜਦਕਿ ਬੈਰੀਕੇਡ ਲਗਾ ਕੇ ਸੜਕਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੂੰ ਦਿੱਲੀ ਵਿੱਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਲਈ ਜਾਂਦੇ ਸਮੇਂ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਿੱਚ ਰੋਸ ਹੋਰ ਵੱਧ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਸੰਘਰਸ਼ ਜਾਰੀ ਰੱਖਣਗੇ, ਜਦਕਿ ਪ੍ਰਸ਼ਾਸਨ ਵੱਲੋਂ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।