ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਜਾਰੀ, ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੇ ਹੱਕ ਵਿੱਚ ਕੀਤੀ ਵੱਡੀ ਅਪੀਲ

ਨਿਊਜ਼ ਪੰਜਾਬ

21 ਜੁਲਾਈ,2026

ਸਮਾਜ ਸੇਵੀ ਅਤੇ ਸਿੱਖਿਆ ਸੁਧਾਰਾਂ ਦੇ ਹਮਾਇਤੀ ਸੋਨਮ ਵਾਂਗਚੁਕ ਨੇ ਐਲਾਨ ਕੀਤਾ ਹੈ ਕਿ ਉਹ ਆਪਣੀ ਅਣਮਿੱਥੇ ਸਮੇਂ ਲਈ ਚੱਲ ਰਹੀ ਭੁੱਖ ਹੜਤਾਲ ਜਾਰੀ ਰੱਖਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਪ੍ਰਦਰਸ਼ਨਕਾਰੀ ਨੌਜਵਾਨ ਆਗੂਆਂ ਨੂੰ ਸੰਸਦ ਮੈਂਬਰਾਂ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ ਜਾਂ ਉਨ੍ਹਾਂ ਨੂੰ ਖੁਦ ਹਸਪਤਾਲ ਵਿੱਚ ਉਨ੍ਹਾਂ ਨਾਲ ਮਿਲਣ ਦੀ ਆਗਿਆ ਨਹੀਂ ਮਿਲਦੀ, ਉਹ ਆਪਣਾ ਵਰਤ ਖਤਮ ਨਹੀਂ ਕਰਨਗੇ। ਸਫਦਰਜੰਗ ਹਸਪਤਾਲ ਤੋਂ ਜਾਰੀ ਆਪਣੇ ਹੱਥ-ਲਿਖਤ ਸੰਦੇਸ਼ ਵਿੱਚ ਵਾਂਗਚੁਕ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਰੱਖਣ ਵਾਲੇ ਵਿਦਿਆਰਥੀਆਂ ਨਾਲ ਕੀਤੇ ਗਏ ਵਿਵਹਾਰ ਨੇ ਉਨ੍ਹਾਂ ਨੂੰ ਬਹੁਤ ਦੁਖੀ ਕੀਤਾ ਹੈ। ਉਨ੍ਹਾਂ ਸਰਕਾਰ ਅਤੇ ਪੁਲਿਸ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਨੂੰ ਸੰਸਦ ਦੇ ਸਾਹਮਣੇ ਆਪਣੀਆਂ ਗੱਲਾਂ ਰੱਖਣ ਦਾ ਮੌਕਾ ਦਿੱਤਾ ਜਾਵੇ ਅਤੇ ਇਸ ਮਸਲੇ ਦਾ ਸ਼ਾਂਤਮਈ ਹੱਲ ਕੱਢਿਆ ਜਾਵੇ। ਵਾਂਗਚੁਕ ਨੇ ਇਹ ਵੀ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੇ ਹਰ ਤਰ੍ਹਾਂ ਦੀ ਭੜਕਾਹਟ ਦੇ ਬਾਵਜੂਦ ਸ਼ਾਂਤੀ ਅਤੇ ਸੰਜਮ ਬਣਾਈ ਰੱਖਿਆ, ਜੋ ਸ਼ਲਾਘਾਯੋਗ ਹੈ। ਜ਼ਿਕਰਯੋਗ ਹੈ ਕਿ 18 ਜੁਲਾਈ ਨੂੰ 21 ਦਿਨਾਂ ਦੇ ਵਰਤ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਉਨ੍ਹਾਂ ਨੂੰ ਸਫਦਰਜੰਗ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਸਮਰਥਕਾਂ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਗਿਆ ਹੈ, ਹਾਲਾਂਕਿ ਪ੍ਰਸ਼ਾਸਨ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕੀਤਾ ਹੈ। ਇਸ ਤੋਂ ਪਹਿਲਾਂ ਵੀ ਵਾਂਗਚੁਕ ਨੇ ਸਪੱਸ਼ਟ ਕੀਤਾ ਸੀ ਕਿ ਉਹ ਆਪਣੀ ਭੁੱਖ ਹੜਤਾਲ ਉਦੋਂ ਹੀ ਸਮਾਪਤ ਕਰਨਗੇ ਜਦੋਂ ਸਰਕਾਰ ਸਿੱਖਿਆ ਪ੍ਰਣਾਲੀ ਨਾਲ ਜੁੜੇ ਮੁੱਦਿਆਂ ‘ਤੇ ਜ਼ਿੰਮੇਵਾਰੀ ਸਵੀਕਾਰ ਕਰੇਗੀ ਜਾਂ ਸੰਸਦ ਵਿੱਚ ਇਸ ਬਾਰੇ ਗੰਭੀਰ ਚਰਚਾ ਦਾ ਭਰੋਸਾ ਦਿੱਤਾ ਜਾਵੇਗਾ। ਦੂਜੇ ਪਾਸੇ, ਸੀਜੇਪੀ ਵੱਲੋਂ ਮੁਕਾਬਲਾ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਦੀ ਨਿਰਪੱਖ ਜਾਂਚ, ਦੋਸ਼ੀਆਂ ਖ਼ਿਲਾਫ਼ ਕਾਰਵਾਈ ਅਤੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੰਦੋਲਨ ਲਗਾਤਾਰ ਜਾਰੀ ਹੈ।